ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਮਾਰਚ
ਡੈਮੋਕ੍ਰੈਟਿਕ ਮਿੱਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕੁੱਕ ਵਰਕਰਾਂ ਵੱਲੋਂ ਵਾਅਦੇ ਅਨੁਸਾਰ ਤਨਖ਼ਾਹਾਂ ਵਿਚ ਵਾਧਾ ਨਾ ਕਰਨ ਅਤੇ ਸੇਵਾਵਾਂ ਨੂੰ ਘੱਟੋ-ਘੱਟ ਉਜਰਤਾਂ ਦੇ ਅਧੀਨ ਨਾ ਲਿਆਉਣ ਦੇ ਰੋਸ ਵਜੋਂ ਇੱਥੇ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸਥਾਨਕ ਬੱਸ ਸਟੈਂਡ ਨੇੜੇ ਇਕੱਠੀਆਂ ਹੋਈਆਂ ਵਰਕਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੈਟਿਕ ਮਿੱਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਪ੍ਰਧਾਨ ਹਰਜਿੰਦਰ ਕੌਰ ਲੋਪੇ ਨੇ ਸਰਕਾਰ ਵੱਲੋਂ ਪੇਸ਼ ਬਜਟ ਵਿੱਚ ਤਨਖ਼ਾਹਾਂ ਵਿੱਚ ਵਾਧਾ ਨਾ ਕਰਨ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਕੁੱਕ ਦੀ ਤਨਖ਼ਾਹ ਤੁਰੰਤ ਦੁੱਗਣੀ ਕਰੇ ਅਤੇ ਦੋ ਮਹੀਨੇ ਦੀ ਤਨਖ਼ਾਹ ਕੱਟਣੀ ਬੰਦ ਕਰੇ, ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਦੀ ਗਿਣਤੀ ਨੂੰ ਮਿੱਡ-ਡੇਅ ਮੀਲ ਸਕੀਮ ਵਿੱਚ ਸ਼ਾਮਲ ਕੀਤਾ ਜਾਵੇ, ਕੁੱਕ ਦੀਆਂ ਸੇਵਾਵਾਂ ਨੂੰ ਘੱਟੋ-ਘੱਟ ਉਜਰਤਾਂ ਅਧੀਨ ਲੈ ਕੇ ਛੁੱਟੀਆਂ ਤੈਅ ਕੀਤੀਆਂ ਜਾਣ, ਕੁੱਕ ਬੀਬੀਆਂ ਦਾ ਬੀਮਾ ਸਰਕਾਰ ਆਪਣੇ ਖ਼ਰਚ ’ਤੇ ਕਰਵਾਏ। ਬਾਰ੍ਹਵੀਂ ਪਾਸ ਮਿੱਡ-ਡੇਅ ਮੀਲ ਕੁੱਕ ਨੂੰ ਸਹਾਇਕ ਮੈਨੇਜਰ ਵਜੋਂ ਤਰੱਕੀ ਦਿੱਤੀ ਜਾਵੇੇ, ਸਕੂਲ ਵਿੱਚ ਬੱਚੇ ਘਟਣ ’ਤੇ ਕੁੱਕ ਨੂੰ ਕੱਢਣ ਦਾ ਪੱਤਰ ਵਾਪਸ ਲਿਆ ਜਾਵੇ। ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁੱਜੇ ਨਾਇਬ ਤਹਿਸੀਲਦਾਰ ਕ੍ਰਿਸ਼ਨ ਕੁਮਾਰ ਮਿੱਤਲ ਨੇ 20 ਮਾਰਚ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਲਿਖਤੀ ਭਰੋਸਾ ਦਿੱਤਾ ਜਿਸ ਮਗਰੋਂ ਪ੍ਰਦਰਸ਼ਨਕਾਰੀ ਕੁੱਕ ਵਰਕਰਾਂ ਨੇ ਰੋਸ ਧਰਨਾ ਸਮਾਪਤ ਕੀਤਾ।