ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਈ
ਪੰਜਾਬ ਦੇ ਕਿਸਾਨਾਂ ਨੇ ਐਤਕੀਂ ਝੋਨੇ ਦੀ ਸਿੱਧੀ ਬਿਜਾਈ ਨੂੰ ਕੋਈ ਵੱਡਾ ਹੁੰਗਾਰਾ ਨਹੀਂ ਦਿੱਤਾ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਵੀ ਕੀਤਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ 20 ਤੋਂ 31 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਦਾ ਸਮਾਂ ਮਿਥਿਆ ਗਿਆ ਸੀ। ਪਿਛਲੇ ਵਰ੍ਹੇ ਪੰਜਾਬ ਵਿੱਚ ਕਰੀਬ ਛੇ ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ ਪ੍ਰੰਤੂ ਇਸ ਵਾਰ ਸਿਰਫ਼ 77000 ਹੈਕਟੇਅਰ ਰਕਬੇ ਵਿੱਚ ਹੀ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ। ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤੱਕ 7,880 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ ਜਦੋਂ ਕਿ ਪਿਛਲੇ ਵਰ੍ਹੇ ਇਸ ਜ਼ਿਲ੍ਹੇ ਵਿੱਚ 21 ਹਜ਼ਾਰ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਸੀ। ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨਾਂ ਦੇ ਮਨਾਂ ਵਿੱਚ ਬਣੇ ਤੌਖਲੇ ਹਾਲੇ ਦੂਰ ਨਹੀਂ ਹੋ ਸਕੇ ਹਨ। ਖੇਤੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਕੰਮ ਤਾਂ ਅਸਲ ਵਿੱਚ ਹੁਣ ਸ਼ੁਰੂ ਹੋਵੇਗਾ ਜੋ ਕਿ 15 ਜੂਨ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਬੇਸ਼ੱਕ 20 ਮਈ ਤੋਂ ਇਸ ਦੀ ਸ਼ੁਰੂਆਤ ਹੋ ਗਈ ਸੀ ਪਰ ਦੋ ਵਾਰ ਬਾਰਸ਼ਾਂ ਪੈਣ ਕਾਰਨ ਸਿੱਧੀ ਬਿਜਾਈ ਦਾ ਕੰਮ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਠ ਤੋਂ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਫ਼ਸਲ ਕਰੰਡ ਵੀ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਧੀ ਬਿਜਾਈ ਜ਼ਰੂਰੀ ਨਹੀਂ ਕਿ 31 ਮਈ ਤੱਕ ਹੀ ਹੋਵੇ ਬਲਕਿ 15 ਜੂਨ ਤੱਕ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਕਿਸਾਨ ਧਿਰਾਂ ਨੇ ਪੰਜਾਬ ਸਰਕਾਰ ਤੋਂ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਮਦਦ ਦੀ ਮੰਗ ਕੀਤੀ ਸੀ। ਬਠਿੰਡਾ ਦੇ ਪਿੰਡ ਬਾਜਕ ਦੇ ਕਿਸਾਨ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜਿਨ੍ਹਾਂ ਕਿਸਾਨਾਂ ਨੇ ਮਹਿੰਗੇ ਭਾਅ ’ਤੇ ਜ਼ਮੀਨਾਂ ਠੇਕੇ ’ਤੇ ਲਈਆਂ ਹਨ, ਉਹ ਸਿੱਧੀ ਬਿਜਾਈ ਕਰਨ ਤੋਂ ਡਰਦੇ ਹਨ ਕਿਉਂਕਿ ਇਸ ’ਚ ਨਦੀਨਾਂ ਦੀ ਵੱਡੀ ਮਾਰ ਪੈਂਦੀ ਹੈ। ਕਿਸਾਨ ਆਖਦੇ ਹਨ ਕਿ ਇਸ ਵਾਰ ਕਣਕ ਦਾ ਝਾੜ ਵੀ 15 ਤੋਂ 20 ਫ਼ੀਸਦੀ ਘਟ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਸਿੱਧੀ ਬਿਜਾਈ ਕਰਨੀ ਵਾਰਾ ਨਹੀਂ ਖਾਂਦੀ ਹੈ, ਕਿਉਂਕਿ ਉਨ੍ਹਾਂ ਨੂੰ ਸਿੱਧੀ ਬਿਜਾਈ ਨਾਲ ਝੋਨੇ ਦਾ ਝਾੜ ਘਟਣ ਦਾ ਖਦਸ਼ਾ ਹੈ। ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ’ਤੇ ਕਿਸਾਨਾਂ ਨੇ ਹੁਣ ਤੱਕ 8,200 ਹੈਕਟੇਅਰ ਰਕਬਾ ਹੀ ਰਜਿਸਟਰਡ ਕੀਤਾ ਹੈ। ਜੇ ਸਰਕਾਰ ਆਪਣੇ ਟੀਚੇ ਪੂਰੇ ਕਰਨਾ ਚਾਹੁੰਦੀ ਹੈ ਤਾਂ ਸਰਕਾਰ ਵਿਸ਼ੇਸ਼ ਮੁਹਿੰਮ ਇਨ੍ਹਾਂ ਦੋ ਹਫ਼ਤਿਆਂ ਵਿੱਚ ਹੀ ਤੇਜ਼ ਕਰਨੀ ਹੋਵੇਗੀ। ਪੰਜਾਬ ਵਿੱਚ ਇਸ ਵਾਰ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਹੋਣੀ ਹੈ ਅਤੇ ਪੰਜਾਬ ਸਰਕਾਰ ਨੇ 12 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਰੱਖਿਆ ਹੈ। ਸਰਕਾਰੀ ਅਧਿਕਾਰੀ ਆਖਦੇ ਹਨ ਕਿ ਗਰਮੀ ਜ਼ਿਆਦਾ ਪੈਣ ਕਾਰਨ ਵੀ ਕਿਸਾਨਾਂ ਨੇ ਸਿੱਧੀ ਬਿਜਾਈ ਤੋਂ ਗੁਰੇਜ਼ ਕੀਤਾ ਹੈ ਅਤੇ ਕਈ ਨਹਿਰਾਂ ਵੀ ਬੰਦ ਹਨ, ਜਿਸ ਕਰਕੇ ਨਹਿਰੀ ਪਾਣੀ ਦੀ ਦਿੱਕਤ ਵੀ ਆ ਰਹੀ ਹੈ।
ਟਰੈਕਟਰਾਂ ’ਤੇ ਚੜ੍ਹੇ ਵਿਧਾਇਕ..
‘ਆਪ’ ਦੇ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਾਫ਼ੀ ਵਾਹ ਲਾਈ ਹੈ। ‘ਆਪ’ ਦੇ ਕਈ ਵਿਧਾਇਕਾਂ ਨੇ ਖ਼ੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ ਹੈ। ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਖੁਦ ਟਰੈਕਟਰ ਚਲਾ ਕੇ ਇਸ ਸਕੀਮ ਦਾ ਮਹੂਰਤ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਦੇ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਸਤੇ ਪ੍ਰੇਰਿਆ ਸੀ। ਲੁਧਿਆਣਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨੇ ਵੀ ਟਰੈਕਟਰ ਚਲਾਇਆ ਸੀ।