ਜਗਮੋਹਨ ਸਿੰਘ
ਘਨੌਲੀ, 17 ਜੁਲਾਈ
ਅੱਜ ਪੰਜਾਬ ਦੇ ਜੇਲ੍ਹਾਂ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਸਾਡਾ ਐੱਮਐੱਲਏ ਸਾਡੇ ਵਿੱਚ’ ਮੁਹਿੰਮ ਤਹਿਤ ਭਰਤਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਵਰ੍ਹਦੇ ਮੀਂਹ ਦੇ ਬਾਵਜੂਦ ਹੋਏ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ’ਤੇ ਪੂਰੀ ਤਰ੍ਹਾਂ ਕਾਇਮ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਬਾਰੇ ਉਨ੍ਹਾਂ ਨਾਲ, ਉਨ੍ਹਾਂ ਦੀ ਟੀਮ ਦੇ ਮੈਂਬਰਾਂ ਜਾਂ ਮਾਤਾ ਪਿਤਾ ਨਾਲ ਬੇਝਿਜਕ ਹੋ ਕੇ ਖੁੱਲ੍ਹ ਕੇ ਗੱਲਬਾਤ ਕਰ ਸਕਦਾ ਹੈ, ਭਾਵੇਂ ਉਹ ਜਿਹੜੀ ਮਰਜ਼ੀ ਸਿਆਸੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਕਿਸੇ ਵੀ ਵਿਅਕਤੀ ਨਾਲ ਕੋਈ ਵਿਤਕਰੇਬਾਜ਼ੀ ਨਹੀਂ ਕਰਨਗੇ ਤੇ ਪਾਰਟੀਬਾਜ਼ੀ ਨੂੰ ਲਾਂਭੇ ਕਰ ਕੇ ਲੋਕਾਂ ਦੇ ਮਸਲੇ ਸੁਲਝਾਏ ਜਾਣਗੇ। ਇਸ ਮੌਕੇ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਮਹਿਲਾ ਆਗੂ ਹਰਵਿੰਦਰ ਕੌਰ ਕੋਟਬਾਲਾ, ਸੁਖਦੀਪ ਸਿੰਘ ਸਰਪੰਚ ਭਰਤਗੜ੍ਹ ਵੀ ਹਾਜ਼ਰ ਸਨ।
ਸੂਬੇ ਵਿੱਚ 100 ਸਕੂਲ ਆਫ਼ ਐਮੀਨੈਂਸ ਬਣਾਏ ਜਾਣਗੇ: ਬੈਂਸ
ਕੀਰਤਪੁਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ(ਬੀ ਐਸ ਚਾਨਾ): ਪੰਜਾਬ ਦੇ ਲੋਕਾਂ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਲਈ ਦੋ ਸਾਲ ਦੇ ਵਿਚ ਪੰਜਾਬ ਦੇ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਵਿਚ ਹੋਰ ਸੁਧਾਰ ਕਰਕੇ ਇਹਨਾਂ ਨੂੰ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ, ਜਿਸ ਤੋਂ ਬਾਅਦ ਲੋਕ ਆਪਣੇ ਬੱਚਿਆਂ ਨੂੰ ਨਿੱਜੀ,ਕਾਨਵੈਂਟ ਤੇ ਮਾਡਲ ਸਕੂਲਾਂ ਵਿਚ ਭੇਜਣ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਲਈ ਤਰਜੀਹ ਦੇਣਗੇ। ਇਸ ਤੋਂ ਇਲਾਵਾ ਪੰਜਾਬ ਵਿਚ 100 ਸਕੂਲ ਆਫ਼ ਐਮੀਨੈਂਸ ਬਣਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜੇਲ੍ਹਾਂ,ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਾਡਾ.ਐਮ.ਐਲ.ਏ.ਸਾਡੇ.ਵਿਚ ਪ੍ਰੋਗਰਾਮ ਤਹਿਤ ਪਿੰਡ ਕੋਟਲਾ ਪਾਵਰ ਹਾਊਸ ਦੇ ਗੈਸਟ ਹਾਊਸ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਸੁਣਨ ਉਪਰੰਤ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਨੇ ਸੈਂਕੜੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਤੇ ਅਧਿਆਪਕਾਂ ਦੀਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਚੰਗਰ ਇਲਾਕੇ ਦੀਆਂ ਸੜਕਾਂ ਦਾ ਵਿਚ ਕੀਰਤਪੁਰ ਸਾਹਿਬ- ਬਿਲਾਸਪੁਰ ਸੜਕ ਤੋਂ ਚੀਕਣਾ, ਬਲੋਲੀ, ਪਹਾੜਪੁਰ, ਹਰੀਪੁਰ ਅਪਟੂ, ਦਸ਼ਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ, ਕੋਟਲਾ ਤੋਂ ਸਮਲਾਹ ਲਿੰਕ ਰੋਡ ਅਤੇ ਸਹੀਦ ਸਿਪਾਹੀ ਦਵਿੰਦਰ ਸਿੰਘ ਫਤਿਹਪੁਰ ਬੁੰਗਾ ਮਾਰਗ ਉਪਰ 19.12 ਕਰੋੜ ਰੁਪਏ ਖਰਚੇ ਜਾਣਗੇ।