ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਮਾਰਚ
ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਹਾਜ਼ਰ ਰਹੇ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਰਨਾਜ਼ ਨੇ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਕੁਝ ਕਰਨਾ ਚਾਹੁੰਦੀ ਹਨ। ਉਹ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਔਰਤਾਂ ਦੀ ਭਲਾਈ ਸਣੇ ਕਈ ਅਜਿਹੇ ਕੰਮ ਹਨ, ਜਿਸ ਵਿੱਚ ਉਹ ਵਧ-ਚੜ੍ਹ ਕੇ ਹਿੱਸਾ ਲੈ ਸਕਦੀ ਹੈ। ਮੁੱਖ ਮੰਤਰੀ ਨੇ ਹਰਨਾਜ਼ ਕੌਰ ਸੰਧੂ ਨੂੰ 21 ਸਾਲਾਂ ਬਾਅਦ ਮਿਸ ਯੂਨੀਵਰਸ ਦਾ ਖ਼ਿਤਾਬ ਵਾਪਸ ਭਾਰਤ ਲਿਆ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ।
ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਲੜਕੀ ਹਿਜਾਬ ਪਾਉਣਾ ਚਾਹੁੰਦੀ ਹੈ ਜਾਂ ਨਹੀਂ, ਇਹ ਉਸ ਦੀ ਮਰਜ਼ੀ ਹੈ। ਜੇ ਕੋਈ ਉਸ ’ਤੇ ਹਾਵੀ ਹੋਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਅੱਗੇ ਆ ਕੇ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਉਨ੍ਹਾਂ ਦੀ ਮਰਜ਼ੀ ਅਨੁਸਾਰ ਹੀ ਜਿਉਣ ਦੇਣਾ ਚਾਹੀਦਾ ਹੈ। ਦੱਸਣਯਗ ਹੈ ਕਿ ਹਰਨਾਜ਼ ਕੌਰ ਸੰਧੂ ਚੰਡੀਗੜ੍ਹ ਦੇ ਸੈਕਟਰ-42 ਸਥਿਤ ਕਾਲਜ ਤੋਂ ਗ੍ਰੈਜੂਏਸ਼ਨ ਕਰਨ ਦੇ ਨਾਲ-ਨਾਲ ਥੀਏਟਰ ਵਿੱਚ ਹਿੱਸਾ ਲੈਂਦੀ ਰਹੀ ਹੈ। ਉਸ ਨੇ ਸਾਲ 2017 ਵਿੱਚ ਪਹਿਲੀ ਵਾਰ ਸਟੇਜ ’ਤੇ ਪੇਸ਼ਕਾਰੀ ਦਿੱਤੀ ਸੀ। ਇਸੇ ਤੋਂ ਚਲਦਿਆਂ ਉਸ ਨੇ ਫੈਸ਼ਨ ਜਗਤ ਵਿੱਚ ਪੈਰ ਰੱਖ ਕੇ ਮਿਸ ਯੂਨੀਵਰਸ ਦਾ ਖ਼ਿਤਾਬ ਹਾਸਲ ਕੀਤਾ। ਹਰਨਾਜ਼ ਕੌਰ ਪਬਲਿਕ ਐਡਮਿਨਿਸਟ੍ਰੇਸ਼ਨ ਦੀ ਪੜ੍ਹਾਈ ਕਰ ਰਹੀ ਹੈ, ਉਹ ਆਈਏਐੱਸ ਅਧਿਕਾਰੀ ਬਣਨਾ ਚਾਹੁੰਦੀ ਹੈ।
ਪ੍ਰੋ. ਬਲਜਿੰਦਰ ਕੌਰ ਨੇ ਮੁੱਖ ਮੰਤਰੀ ਨੂੰ ਹਲਕੇ ਦੀਆਂ ਮੁਸ਼ਕਲਾਂ ਦੱਸੀਆਂ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਲਗਾਤਾਰ ਦੂਜੀ ਵਾਰ ਜਿੱਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਇਸ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਬਲਜਿੰਦਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਵਾਸੀਆਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਸੁਣਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਸੂਬੇ ਅਤੇ ਤਲਵੰਡੀ ਸਾਬੋ ਦੇ ਮਸਲਿਆਂ ਦਾ ਹੱਲ ਕਰਨਗੇ।
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਟੌਲ ਟੈਕਸ ’ਚ 10 ਤੋਂ 18 ਫ਼ੀਸਦੀ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।