ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਪਰੈਲ
ਮਾਨ ਦਲ ਦੇ ਸੱਤ ਆਗੂਆਂ ਨੇ ਅੱਜ ਇਥੇ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਦੀ ਅਪੀਲ ਕੀਤੀ ਹੈ। ਇਹ ਪਟੀਸ਼ਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ 17 ਵਿਅਕਤੀਆਂ ਖ਼ਿਲਾਫ਼ ਦਾਇਰ ਕੀਤੀ ਗਈ ਹੈ, ਜਦੋਂ ਕਿ ਪਟੀਸ਼ਨਕਰਤਾਵਾਂ ਵਿੱਚ ਈਮਾਨ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਹਰਭਜਨ ਸਿੰਘ ਅਤੇ ਹਰਜੀਤ ਸਿੰਘ ਸ਼ਾਮਲ ਹਨ। ਆਗੂਆਂ ਨੇ ਦੱਸਿਆ ਕਿ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵਿੱਚ ਇਹ ਪਟੀਸ਼ਨ ਜਮ੍ਹਾਂ ਹੋ ਗਈ ਹੈ ਅਤੇ ਇਸ ਦੀ ਅਗਲੀ ਸੁਣਵਾਈ 7 ਮਈ ਨੂੰ ਰੱਖੀ ਗਈ ਹੈ।