ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਿੱਖ ਲੜਕੀ ਨੂੰ ਅਗਵਾ ਕੀਤੇ ਜਾਣ ਦੇ ਮਾਮਲੇ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਪੀੜਤ ਪਰਿਵਾਰ ਦੇ ਮੈਂਬਰ ਅੱਜ ਧਾਰਮਿਕ ਮਾਮਲਿਆਂ ਬਾਰੇ ਫੈਡਰਲ ਮੰਤਰੀ ਨੂਰ ਉਲ ਹੱਕ ਕਾਦਰੀ ਨੂੰ ਮਿਲੇ।
ਇਸ ਸਬੰਧੀ ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਇਕ ਸਿੱਖ ਲੜਕੀ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੈ। ਉਸ ਦੇ ਪਿਤਾ ਦਾ ਘਰ ਗੁਰਦੁਅਰਾ ਪੰਜਾ ਸਾਹਿਬ ਹਸਨ ਅਬਦਾਲ ਨੇੜੇ ਹੈ। ਉਨ੍ਹਾਂ ਦੱਸਿਆ ਕਿ ਫੈਡਰਲ ਮੰਤਰੀ ਨੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ ਹੈ। ਇਸ ਮੁਲਾਕਾਤ ਵੇਲੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਇਜਾਜ਼ ਆਲਮ ਅਤੇ ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮੀਰ ਅਹਿਮਦ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕੀਤਾ ਹੈ।
ਜ਼ਿਕਰਯੋਗ ਹੈ ਕਿ ਲਾਪਤਾ ਹੋਈ ਲੜਕੀ ਦਾ ਪਿਤਾ ਗੁਰਦੁਆਰਾ ਪੰਜਾ ਸਾਹਿਬ ਵਿੱਚ ਗ੍ਰੰਥੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਇਸ ਘਟਨਾ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਲੜਕੀ ਪਿਛਲੇ ਦਸ ਦਿਨਾਂ ਤੋਂ ਲਾਪਤਾ ਹੈ। ਉਸ ਨੂੰ ਡਰ ਹੈ ਕਿ ਉਸ ਦੀ ਲੜਕੀ ਦਾ ਜਬਰੀ ਧਰਮ ਤਬਦੀਲ ਕੀਤਾ ਜਾ ਸਕਦਾ ਹੈ।
ਇਸ ਮਾਮਲੇ ਵਿਚ ਬੀਤੇ ਦਿਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੇਂਦਰੀ ਮੰਤਰੀ ਕੋਲ ਪਹੁੰਚ ਕੀਤੀ ਸੀ ਅਤੇ ਪਾਕਿਸਤਾਨ ਵਿਚ ਵਸਦੇ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਪਰਿਵਾਰਾਂ ਨਾਲ ਹੋ ਰਹੀ ਅਜਿਹੀ ਵਧੀਕੀ ’ਤੇ ਚਿੰਤਾ ਪ੍ਰਗਟਾਈ ਸੀ।