ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਨਵੰਬਰ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸਰਕਾਰ ਖਹਿਰਾ ਨਾਲ ਧੱਕਾ ਕਰ ਰਹੀ ਹੈ, ਪਰ ਕਾਨੂੰਨ ਤੋਂ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਖਹਿਰਾ ਮਨੀ ਲਾਂਡਰਿੰਗ ਦੇ ਕੇਸ ਵਿੱਚ ਚੰਡੀਗੜ੍ਹ ਈਡੀ ਕੋਲ ਪੇਸ਼ੀ ਭੁਗਤਣ ਗਏ ਸਨ, ਜਿਥੇ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੈਂਸ ਨੇ ਕਿਹਾ ਕਿ ਲੋਕਾਂ ਦੇ ਹਿਤਾਂ ਲਈ ਲੜਨ ਵਾਲਿਆਂ ਖ਼ਿਲਾਫ਼ ਝੂਠੇ ਕੇਸ ਅਤੇ ਝੂਠੇ ਦੋਸ਼ ਲਗਾ ਕੇ ਸਮੇਂ ਦੀਆਂ ਸਰਕਾਰਾਂ ਉਨ੍ਹਾਂ ਦਾ ਹੌਸਲਾ ਤੋੜਨ ਦੀਆਂ ਕੋਸ਼ਿਸ਼ਾਂ ਕਰਦੀਆਂ ਹੀ ਰਹਿੰਦੀਆਂ ਹਨ ਪਰ ਇਸ ਨਾਲ ਹੌਸਲਾ ਘਟਣ ਦੀ ਥਾਂ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਖਹਿਰਾ ਨੂੰ ਇਨਸਾਫ਼ ਜ਼ਰੂਰ ਦਿੱਤਾ ਜਾਵੇਗਾ।