ਪੱਤਰ ਪ੍ਰੇਰਕ
ਮਾਨਸਾ/ਸਰਦੂਲਗੜ੍ਹ , 14 ਜੁਲਾਈ
ਹਲਕਾ ਸਰਦੂਲਗੜ੍ਹ ਤੋਂ ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਸ੍ਰੀ ਬਣਾਂਵਾਲੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੇ ਕੈਬਨਿਟ ਮੰਤਰੀ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਕੰਮ ਕਰ ਰਹੇ ਹਨ ਪਰ ਉਨ੍ਹਾਂ ਆਪਣਾ ਨਿੱਜੀ ਫਰਜ਼ ਸਮਝਦਿਆਂ ਆਪਣੀ ਇਸ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਲੇਖੇ ਲਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਜਾਣਕਾਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜਾਰੀ ਹਨ। ਸਰਕਾਰ ਵੱਲੋਂ ਪੀੜਤ ਵਿਅਕਤੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।