ਦਵਿੰਦਰ ਪਾਲ
ਚੰਡੀਗੜ੍ਹ, 1 ਸਤੰਬਰ
ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਪੰਜ ਸੰਤਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਕਰਾਉਣ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੂਬੇ ਵਿੱਚ ਸਵਾ ਸੌ ਤੋਂ ਵੱਧ ਥਾਵਾਂ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ’ਚ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੁਜ਼ੱਫਰਨਗਰ ਦੀ ਮਹਾਪੰਚਾਇਤ ਵਿੱਚ ਪੰਜਾਬ ਦੇ ਕਿਸਾਨ ਭਰਵੀਂ ਸ਼ਮੂਲੀਅਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਇਕੱਠ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ’ਤੇ ਫ਼ੈਸਲਾਕੁਨ ਅਸਰ ਪਾਉਣ ਦੀ ਸਮਰੱਥਾ ਰੱਖਦਾ ਹੈ।
ਬੁਲਾਰਿਆਂ ਨੇ ਰੈਲੀ ਲਈ ਜਾਣ ਦੇ ਇੱਛੁਕਾਂ ਨੂੰ ਆਪਣੇ ਨਾਂ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਜ਼ਰੂਰਤ ਅਨੁਸਾਰ ਵਾਹਨਾਂ ਦੇ ਪ੍ਰਬੰਧ ਕੀਤੇ ਜਾ ਸਕਣ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਜਿਸ ਤਰ੍ਹਾਂ ਨੌਂ ਮਹੀਨੇ ਪਹਿਲਾਂ ਪੰਜਾਬ ਤੋਂ ਕਿਸਾਨਾਂ ਦੇ ਕਾਫ਼ਲਿਆਂ ਨੇ ਦਿੱਲੀ ਵੱਲ ਕੂਚ ਕੀਤਾ ਸੀ। ਉਸੇ ਤਰ੍ਹਾਂ ਭਾਜਪਾ ਦੀਆਂ ਅੱਖਾਂ ਖੋਲ੍ਹਣ ਲਈ ਪੰਜਾਬ ਦੇ ਕਿਸਾਨ ਉੱਤਰ ਪ੍ਰਦੇਸ਼ ਨੂੰ ਵਹੀਰਾਂ ਘੱਤਣਗੇ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਤੱਕ ਅੰਦੋਲਨ ਜਾਰੀ ਰਹੇਗਾ।
ਧਰਨਿਆਂ ਤੋਂ ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਦਾ ਦਾਇਰਾ ਵਿਸ਼ਾਲ ਹੋਣਾ ਭਾਜਪਾ ਲਈ ਖ਼ਤਰੇ ਦੀ ਘੰਟੀ ਹੈ ਕਿਉਂਕਿ ਪੰਜਾਬ ਤੇ ਹਰਿਆਣਾ ’ਚ ਭਾਜਪਾ ਆਗੂਆਂ ਦੇ ਆਏ ਦਿਨ ਹੁੰਦੇ ਘਿਰਾਓ ਅਤੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਇਹ ਵਰਤਾਰਾ ਹੁਣ ਯੂਪੀ ਵਿੱਚ ਵੀ ਫੈਲਣ ਲੱਗਾ ਹੈ। ਉੱਥੇ ਵੀ ਸੱਤਾਧਾਰੀ ਪਾਰਟੀ ਨੂੰ ਕਿਸਾਨ ਅੰਦੋਲਨ ਦਾ ਸੇਕ ਮਹਿਸੂਸ ਹੋਣ ਲੱਗਾ ਹੈ। ਦੂਸਰੇ ਸੂਬਿਆਂ ’ਚੋਂ ਵੀ ਭਾਜਪਾ ਆਗੂਆਂ ਦੇ ਘਿਰਾਓ ਦੀਆਂ ਖਬਰਾਂ ਮਿਲ ਰਹੀਆਂ ਹਨ।
ਨਵੀਂ ਦਿੱਲੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਟਿਕਰੀ ਬਾਰਡਰ ਦੇ ਪੱਕੇ ਮੋਰਚੇ ਵਿੱਚ ਤਿੰਨ ਸੂਬਿਆਂ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਉੱਤਰਾਖੰਡ ਤੋਂ ਯੂਨੀਅਨ ਦੀ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ, ਬਲੀ ਚੀਮਾ, ਹਰਿਆਣਾ ਤੋਂ ਮਾਸਟਰ ਕਮਲਜੀਤ ਸਿੰਘ ਕੈਥਲ ਤੇ ਉਨ੍ਹਾਂ ਦੀ ਸਾਥੀ ਕੰਵਲਜੀਤ ਕੌਰ, ਸਿਰਸਾ ਤੋਂ ਬਲਜੀਤ ਸਿੰਘ ਸਿੰਘਪੁਰਾ ਤੇ ਉਨ੍ਹਾਂ ਦੇ ਸਾਥੀ, ਫ਼ਤਿਹਾਬਾਦ ਤੋਂ ਮੋਹਿਤ ਅਜੈ, ਕਰਮਵੀਰ ਤੇ ਉਨ੍ਹਾਂ ਦੇ ਸਾਥੀ ਸ਼ਾਮਲ ਹੋਏ। ਅੱਜ ਦੀ ਮੀਟਿੰਗ ਵਿੱਚ 5 ਸਤੰਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ ’ਤੇ ਯੂਪੀ ਦੇ ਸ਼ਹਿਰ ਮੁਜ਼ੱਫਰਨਗਰ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਤਿੰਨ ਕਾਨੂੰਨਾਂ ਤੇ ਬਿਜਲੀ ਐਕਟ 2020 ਨੂੰ ਰੱਦ ਕਰਵਾਉਣ ਲਈ ਦੇਸ਼ ਪੱਧਰ ’ਤੇ 22 ਰਾਜਾਂ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇਕੱਠ ਸਬੰਧੀ ਵਿਚਾਰਾਂ ਕੀਤੀਆਂ ਗਈਆਂ।
ਪਿੰਡਾਂ ’ਚ ਆਉਣ ਵਾਲੇ ਹਰ ਸਿਆਸੀ ਆਗੂ ਨੂੰ ਸਵਾਲ ਪੁੱਛਣਗੇ ਲੋਕ
ਮਾਨਸਾ (ਜੋਗਿੰਦਰ ਸਿੰਘ ਮਾਨ): ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਇੱਥੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡਾਂ ਵਿੱਚ ਮੰਤਰੀਆਂ ਸਮੇਤ ਸਿਆਸੀ ਆਗੂਆਂ ਤੋਂ ਸਵਾਲ ਪੁੱਛਣ ਵਾਲੇ ਨੌਜਵਾਨ ਕਿਸਾਨਾਂ ਨੂੰ ਸ਼ਰਾਰਤੀ ਅਨਸਰ ਅਤੇ ਗੁੰਡੇ ਕਹਿ ਕੇ ਅਪਮਾਨਿਤ ਕੀਤਾ ਹੈ। ਉਨ੍ਹਾਂ ਮੰਚ ਤੋਂ ਐਲਾਨ ਕੀਤਾ ਕਿ ਹੁਣ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡਾਂ ਵਿੱਚ ਜਾਣ ਵਾਲੇ ਅਕਾਲੀ, ਕਾਂਗਰਸ, ਕਮਿਊਨਿਸਟ ਪਾਰਟੀ ਤੇ ‘ਆਪ’ ਸਮੇਤ ਸਾਰੀਆਂ ਸਿਆਸੀ ਧਿਰਾਂ ਦੇ ਆਗੂਆਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਪਾਏ ਗਏ ਯੋਗਦਾਨ ਬਾਰੇ ਸਵਾਲ ਪੁੱਛੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜ ਸਤੰਬਰ ਨੂੰ ਯੂਪੀ ਦੇ ਮੁਜ਼ੱਫਰਪੁਰ ਵਿੱਚ ਕੀਤੀ ਜਾ ਰਹੀ ਮਹਾਰੈਲੀ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰਨਗੇ ਅਤੇ ਸੰਯੁਕਤ ਕਿਸਾਨ ਮੋਰਚੇ ਨੂੰ ਵਿਸ਼ਵਾਸ ਦਿਵਾਉਣਗੇ ਕਿ ਖੇਤੀ ਕਾਨੂੰਨਾਂ ਖਿਲਾਫ਼ ਛੇੜੀ ਲੜਾਈ ਵਿੱਚ ਉਹ ਹਮੇਸ਼ਾ ਵਾਂਗ ਮੋਹਰੀ ਹੋ ਕੇ ਖੜ੍ਹਦੇ ਰਹਿਣਗੇ। ਇਸ ਮੌਕੇ ਗੋਰਾ ਸਿੰਘ ਭੈਣੀਬਾਘਾ, ਰਾਮਫਲ ਸਿੰਘ, ਗੁਰਜੀਤ ਸਿੰਘ ਫ਼ਰੀਦਕੋਟ, ਜੱਗਾ ਸਿੰਘ ਬਦਰਾ, ਵਸਾਵਾ ਸਿੰਘ ਸੰਗਰੂਰ ਤੇ ਹੋਰ ਹਾਜ਼ਰ ਸਨ।
ਕਿਸਾਨਾਂ ਵੱਲੋਂ ਸੁਖਬੀਰ ਦਾ ਬਿਆਨ ਕਾਰਪੋਰੇਟ ਪੱਖੀ ਕਰਾਰ
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨੀ ਭੇਸ ਵਿੱਚ ਸਮਾਜ ਵਿਰੋਧੀ ਅਨਸਰ ਸਰਗਰਮ ਹੋਣ ਸਬੰਧੀ ਦਿੱਤੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭੁਪਿੰਦਰ ਸਿੰਘ ਲੌਂਗੋਵਾਲ ਤੇ ਗੁਰਜੋਤ ਸਿੰਘ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬਿਆਨ ਕੇਂਦਰ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਦਿੱਤਾ ਹੈ।
ਚੰਡੀਗੜ੍ਹ (ਟਨਸ): ਕਿਰਤੀ ਕਿਸਾਨ ਯੂਨੀਅਨ ਦੇ ਹਰਦੇਵ ਸਿੰਘ ਸੰਧੂ ਨੇ ਸੁਖਬੀਰ ਬਾਦਲ ਵੱਲੋਂ ਸਿਆਸੀ ਪਾਰਟੀਆਂ ਦਾ ਘਿਰਾਓ ਕਰਨ ਵਾਲੇ ਕਿਸਾਨਾਂ ਤੇ ਕਿਰਤੀਆਂ ਨੂੰ ਸਮਾਜ ਵਿਰੋਧੀ ਤੱਤ ਕਹਿਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕ ਲੋਕ ਸਿਆਸਤਦਾਨਾਂ ਨੂੰ ਸਵਾਲ ਪੁੱਛਦੇ ਹਨ।