ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਪੰਜਾਬ ’ਚ ਡੀਏਪੀ ਖਾਦ ਦੀ ਭਾਰੀ ਕਮੀ ਹੋਣ ਕਾਰਨ ਖਾਦ ਡੀਲਰਾਂ ਨੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਕਣਕ ਦੀ ਬਿਜਾਈ ਪੱਛੜ ਰਹੀ ਹੈ। ਉਨ੍ਹਾਂ ਡੀਏਪੀ ਖਾਦ ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸ੍ਰੀ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀਆਂ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦੀ ਮਾੜੀ ਨੀਅਤ ਅਤੇ ਨੀਤੀ ਜੱਗ ਜ਼ਾਹਿਰ ਹੋ ਗਈ ਹੈ, ਜਿੱਥੇ ਕੇਂਦਰ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਨੂੰ ਖਾਦ ਦੀ ਸਪਲਾਈ ’ਚ ਦੇਰੀ ਕੀਤੀ ਹੈ, ਉੱਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਅਨੁਸਾਰ ਖਾਦ ਦਾ ਪ੍ਰਬੰਧ ਕਰਨ ’ਚ ਨਾਕਾਮ ਰਹੀ ਹੈ।