ਨਵੀਂ ਦਿੱਲੀ, 9 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਚਾਰੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਇਹ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਨਿਆਂ ਸਥਾਪਨਾ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਢੁਕਵੀਂ ਸ਼ਰਧਾਂਜਲੀ ਹੈ। ਮੋਦੀ ਨੇ ਟਵੀਟ ਕੀਤਾ, ‘‘ਵੀਰ ਬਾਲ ਦਿਵਸ ਉਸੇ ਦਿਨ ਮਨਾਇਆ ਜਾਵੇਗਾ ਜਦੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਨੇ ਕੰਧ ਵਿਚ ਜਿਊਂਦਾ ਚਿਣਵਾ ਦਿੱਤੇ ਜਾਣ ਮਗਰੋਂ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋ ਮਹਾਨ ਸ਼ਖ਼ਸੀਅਤਾਂ ਨੇ ਧਰਮ ਦੇ ਮਹਾਨ ਸਿਧਾਂਤਾਂ ਤੋਂ ਡੋਲਣ ਦੀ ਬਜਾਏ ਸ਼ਹੀਦੀ ਨੂੰ ਚੁਣਿਆ।’’ ਪ੍ਰਧਾਨ ਮੰਤਰੀ ਨੇ ਕਿਹਾ, ‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ਾਂ ਨੇ ਲੱਖਾਂ ਲੋਕਾਂ ਨੂੰ ਤਾਕਤ ਦਿੱਤੀ। ਉਨ੍ਹਾਂ ਕਦੇ ਅਨਿਆਂ ਅੱਗੇ ਸਿਰ ਨਹੀਂ ਝੁਕਾਇਆ। ਇਹ ਸਮੇਂ ਦੀ ਮੰਗ ਹੈ ਕਿ ਹੋਰ ਲੋਕਾਂ ਨੂੰ ਉਨ੍ਹਾਂ ਬਾਰੇ ਪਤਾ ਲੱਗੇ।’’ -ਪੀਟੀਆਈ