ਮਹਿੰਦਰ ਸਿੰਘ ਰੱਤੀਆਂ
ਮੋਗਾ, 19 ਸਤੰਬਰ
ਮੋਗਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਮਾਰਚ ਦੌਰਾਨ ਰੈਲੀਆਂ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬੋਲਣ ਦਾ ਮੌਕਾ ਨਾ ਮਿਲਣ ਕਾਰਨ ਪੰਜਾਬ ਕਾਂਗਰਸ ’ਚ ਖਾਨਾਜੰਗੀ ਦਾ ਮੁੱਢ ਬੱਝਿਆ ਸੀ। ਮੋਗਾ ਤੋਂ ਸੂਬੇ ’ਚ ਦੋ ਦਿਨ ਟਰੈਕਟਰ ਮਾਰਚ ਦੌਰਾਨ ਮੰਚ ਦਾ ਸੰਚਾਲਨ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਥ ਰਿਹਾ ਸੀ। ਲੋਕ ਸਭਾ ਚੋਣਾਂ ਤੋਂ ਲਗਪਗ ਮਹੀਨਾ ਪਹਿਲਾਂ ਤਤਕਾਲੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਹਿਲੀ ਸਿਆਸੀ ਰੈਲੀ 7 ਮਾਰਚ 2019 ਨੂੰ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਹੋਈ ਸੀ। ਕਾਂਗਰਸ ਦੀ ਕਰਜ਼ਾ ਮੁਆਫ਼ੀ ਰੈਲੀ ਦੌਰਾਨ ਤਤਕਾਲੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ ਸੀ, ਜਿਸ ਤੋਂ ਵਿਵਾਦ ਖੜ੍ਹਾ ਹੋ ਗਿਆ ਸੀ। ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਸਿੱਧੂ ਨੇ ਰਾਜਨੀਤਕ ਸਰਗਰਮੀਆਂ ਤੋਂ ਵੀ ਚੁੱਪ ਵੱਟ ਲਈ ਸੀ। ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਰਾਹੁਲ ਗਾਂਧੀ ਨੇ ਮੋਗਾ ਦੇ ਕਸਬਾ ਬੱਧਨੀ ਕਲਾਂ ਤੋਂ ਪਿਛਲੇ ਸਾਲ 4 ਅਕਤੂਬਰ ਨੂੰ ਪੰਜਾਬ ਵਿੱਚ ਦੋ ਰੋਜ਼ਾ ਟਰੈਕਟਰ ਮਾਰਚ ਕੀਤਾ ਸੀ। ਇਸ ਦੌਰਾਨ ਵੀ ਨਵਜੋਤ ਸਿੱਧੂ ਹਾਸ਼ੀਏ ’ਤੇ ਰਹੇ।