ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਮਈ
ਇਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ’ਤੇ ਸੋਮਵਾਰ ਰਾਤ ਨੂੰ ਹਮਲੇ ਦੇ ਕਰੀਬ 16 ਘੰਟੇ ਬਾਅਦ ਪੁਲੀਸ ਨੇ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਹਮਲੇ ਬਾਰੇ ਦੂਜੇ ਦਿਨ ਵੀ ਪੰਜਾਬ ਪੁਲੀਸ ਦਾ ਵੱਡਾ ਅਤੇ ਛੋਟਾ ਅਧਿਕਾਰੀ ਕੁੱਝ ਵੀ ਬੋਲਣ ਤੋਂ ਕਤਰਾ ਰਿਹਾ ਹੈ। ਉਂਝ ਪੁਲੀਸ ਨੇ ਇੰਟੈਲੀਜੈਂਸ ਵਿੰਗ ਦਫ਼ਤਰ ਦੇ ਨੇੜਲੇ ਮੋਬਾਈਲ ਟਾਵਰਾਂ ਦੀ ਰੇਂਜ ਵਾਲੇ ਕਰੀਬ 7 ਹਜ਼ਾਰ ਮੋਬਾਈਲ ਫੋਨਾਂ ਦਾ ਡੰਪ ਚੁੱਕਿਆ ਅਤੇ ਦਿਨ ਵੇਲੇ ਇਸ ਖੇਤਰ ਵਿੱਚ ਜ਼ਿਆਦਾ ਸਮਾਂ ਰਹੇ ਵਿਅਕਤੀਆਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਦੇਖਿਆ ਜਾ ਰਿਹਾ ਹੈ। ਮੁੱਢਲੀ ਜਾਂਚ ਵਿੱਚ ਸੀਸੀਟੀਵੀ ਫੁਟੇਜ ਵਿੱਚ ਸ਼ੱਕੀ ਸਵਿਫ਼ਟ ਕਾਰ ਵੀ ਇੰਟੈਲੀਜੈਂਸ ਵਿੰਗ ਦੇ ਨੇੜੇ ਤੇੜੇ ਗੇੜੇ ਮਾਰਦੀ ਨਜ਼ਰ ਆ ਰਹੀ ਹੈ। ਇਸ ਕਾਰ ਵਿੱਚ ਤਿੰਨ ਚਾਰ ਵਿਅਕਤੀ ਸਵਾਰ ਦੱਸੇ ਜਾ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰੇਕੀ ਕੀਤੀ ਗਈ ਸੀ। ਇਸ ਹਮਲੇ ਤੋਂ ਬਾਅਦ ਮੁਹਾਲੀ ਕੌਮਾਂਤਰੀ ਏਅਰਪੋਰਟ ਅਤੇ ਰੇਲਵੇ ਸਟੇਸ਼ਨ ’ਤੇ ਵੀ ਸੁਰੱਖਿਆ ਵਧਾਈ ਗਈ ਹੈ। ਫੋਰੈਂਸਿਕ ਟੀਮਾਂ ਨੂੰ ਵੀ ਸੱਦ ਕੇ ਸੈਂਪਲ ਲਏ ਗਏ ਹਨ।