ਦਰਸ਼ਨ ਸਿੰਘ ਸੋਢੀ
ਮੁਹਾਲੀ, 25 ਅਗਸਤ
ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦੇ ਕੇਸ ’ਚ ਪੰਜਾਬ ਪੁਲੀਸ ਦੇ ਸਾਬਕਾ ਡੀਐੱਸਪੀ ਕ੍ਰਿਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਤਿੰਨ ਪੀੜਤ ਪਰਿਵਾਰਾਂ ਨੂੰ 1-1 ਲੱਖ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ ਹੈ। ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 13 ਦਸੰਬਰ 1992 ਨੂੰ ਪੁਲੀਸ ਨੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਤਿੰਨ ਸਿੱਖ ਨੌਜਵਾਨਾਂ ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਸਾਹਿਬ ਸਿੰਘ ਦੇ ਪਿਤਾ ਕਾਹਨ ਸਿੰਘ ਦੀ ਸ਼ਿਕਾਇਤ ‘ਤੇ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ।