ਦਰਸ਼ਨ ਸਿੰਘ ਸੋਢੀ
ਮੁਹਾਲੀ, 18 ਫਰਵਰੀ
ਮੁਹਾਲੀ ਨਗਰ ਨਿਗਮ ਦੇ 50 ਵਾਰਡਾਂ ਲਈ ਹੋਈਆਂ ਚੋਣਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਮੁਕੰਮਲ ਸਫਾਇਆ ਹੋ ਗਿਆ ਹੈ. ਕਾਂਗਰਸ ਨੂੰ 37 ਤੇ ਆਜ਼ਾਦ ਉਮੀਦਵਾਰਾਂ ਨੂੰ 13 ਸੀਟਾਂ ਮਿਲੀਆਂ, ਜਦੋਂ ਕਿ ਆਮ ਆਦਮੀ ਪਾਰਟੀ ਨੇ ਚੋਣ ਨਹੀਂ ਲੜੀ। ਆਪ ਨੇ ਬਿਨਾਂ ਸ਼ਰਤ ਆਜ਼ਾਦ ਗਰੁੱਪ ਨੂੰ ਸਮਰਥਨ ਦਿੱਤਾ ਸੀ। ਬਸਪਾ ਵੀ ਆਪਣਾ ਖਾਤਾ ਨਹੀਂ ਖੋਲ ਸਕੀ ਹੈ।
ਮੁਹਾਲੀ ਵਿੱਚ ਕਾਂਗਰਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਸਾਬਕਾ ਮੇਅਰ ਕੁਲਵੰਤ ਸਿੰਘ ਵੀ ਚੋਣ ਹਾਰ ਗਏ, ਜਦੋਂਕਿ ਉਨ੍ਹਾਂ ਦਾ ਪੁੱਤਰ ਸਰਬਜੀਤ ਸਿੰਘ ਸਮਾਣਾ ਅਤੇ ਕਈ ਹੋਰ ਸਾਥੀ ਚੋਣ ਜਿੱਤ ਗਏ। ਮੁਹਾਲੀ ਵਿੱਚ ਕਾਂਗਰਸ ਲਈ ਆਪਣਾ ਮੇਅਰ ਬਣਾਉਣ ਦਾ ਰਾਹ ਸਾਫ ਹੋ ਗਿਆ ਹੈ। ਮੁਹਾਲੀ ਤੋਂ ਕਾਂਗਰਸ ਦੇ ਮੇਅਰ ਦੇ ਉਮੀਦਵਾਰ ਅਤੇ ਸਿਹਤ ਮੰਤਰੀ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਚੋਣ ਜਿੱਤ ਗਏ ਹਨ। ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਅਤੇ ਉਨ੍ਹਾਂ ਦੀ ਪਤਨੀ ਰਾਣੀ ਜੈਨ ਅਤੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਵੀ ਚੋਣ ਜਿੱਤ ਗਏ ਹਨ। ਵੋਟਾਂ ਦੀ ਗਿਣਤੀ ਅੱਜ ਸਵੇਰੇ 9 ਵਜੇ ਸ਼ੁਰੂ ਹੋਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸੀ। ਗਿਣਤੀ ਕੇਂਦਰਾਂ ਨੂੰ ਜਾਣ ਵਾਲੇ ਸਾਰੇ ਰਸਤੇ ਪੂਰੀ ਤਰ੍ਹਾਂ ਸੀਲ ਕੀਤੇ ਗਏ ਸੀ। ਸਵੇਰੇ ਸਵਾ 9 ਵਜੇ ਹੀ ਨਤੀਜੇ ਆਉਣੇ ਸ਼ੁਰੂ ਹੋ ਗਏ ਸੀ ਅਤੇ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵੱਡੀ ਲੀਡ ’ਤੇ ਅੱਗੇ ਚੱਲਣ ਅਤੇ ਜਿੱਤ ਦੀ ਖ਼ਬਰ ਸੁਣਦੇ ਹੀ ਜਸ਼ਨ ਮਨਾਉਣੇ ਅਤੇ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ।