ਦਰਸ਼ਨ ਸਿੰਘ ਸੋਢੀ
ਮੁਹਾਲੀ, 29 ਸਤੰਬਰ
ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਤੇਪਲਾ ਤੋਂ ਸੋਲਖੀਆ ਸਾਹਿਬ (ਰੂਪਨਗਰ) ਤੱਕ 60 ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਅੱਜ ਇਥੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸ੍ਰੀ ਸੁਖਬੀਰ ਸਿੰਘ ਬਾਦਲ, ਡਾ.ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੀ ਹੋਰ ਸੀਨੀਅਰ ਨੇਤਾਵਾਂ ਨੇ ਪੁਲੀਸ ਨੇ ਹਿਰਾਸਤ ਵਿੰਚ ਲੈ ਲਿਆ। ਇਸ ਤੋਂ ਪਹਿਲਾਂ ਅੱਜ ਸਵੇਰੇ 10 ਵਜੇ ਅਕਾਲੀ ਆਗੂ, ਵਰਕਰ ਅਤੇ ਸਬੰਧਤ ਜ਼ਮੀਨਾਂ ਦੇ ਮਾਲਕ ਕਿਸਾਨ ਗੁਰਦੁਆਰਾ ਅੰਬ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ 12 ਵਜੇ ਤੱਕ ਵੱਡੀ ਭੀੜ ਹੋ ਗਈ। ਇੱਥੇ ਆਰਦਾਸ ਕਰਨ ਉਪਰੰਤ ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਟਰੈਕਟਰ ਮਾਰਚ ਕੀਤਾ ਗਿਆ ਪਰ ਮੁਹਾਲੀ ਪੁਲੀਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡ ਲਗਾ ਕਿ ਪ੍ਰਸ਼ਨਕਾਰੀਆਂ ਦਾ ਰਾਹ ਰੋਕ ਲਿਆ, ਜਿਸ ਕਾਰਨ ਅਕਾਲੀ ਵਰਕਰ ਚੱਕਾ ਜਾਮ ਕਰਕੇ ਸੜਕ ‘ਤੇ ਧਰਨਾ ਲਗਾ ਕੇ ਬੈਠ ਗਏ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੀ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਪੂਰੀ ਨਹੀਂ ਹੋਣ ਦੇਵੇਗਾ।
ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਵੀ ਕੌਡੀਆਂ ਦੇ ਭਾਅ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਵਿਧਾਇਕ ਐੱਨਕੇ ਸ਼ਰਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਬਰਾੜ, ਬੰਟੀ ਰੋਮਾਣਾ, ਹਰਪਾਲ ਜੁਨੇਜਾ, ਰਣਜੀਤ ਸਿੰਘ ਗਿੱਲ, ਚਰਨਜੀਤ ਸਿੰਘ ਕਾਲੇਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਮੁੰਧੋ ਸੰਗਤੀਆਂ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਮੁਹਾਲੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਗੁਰਮੀਤ ਸਿੰਘ ਸ਼ਾਮਪੁਰ, ਹਰਮਨਪ੍ਰੀਤ ਸਿੰਘ ਪ੍ਰਿੰਸ, ਮਨਜੀਤ ਸਿੰਘ ਮਲਕਪੁਰ, ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਲਖਨੌਰ, ਹਰਵਿੰਦਰ ਸਿੰਘ ਪੱਤੋਂ, ਹਰਪਾਲ ਸਿੰਘ ਬਠਲਾਨਾ, ਜਸਵੀਰ ਸਿੰਘ ਜੱਸੀ ਕੁਰੜਾ, ਹਰਜੀਤ ਸਿੰਘ ਗਰੇਵਾਲ ਸਮੇਤ ਕਈ ਆਗੂ ਹਾਜ਼ਰ ਸਨ।