ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਅਗਸਤ
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ 15 ਅਗਸਤ ਤੋਂ ਸ਼ੁਰੂ ਹੋਏ ਮੁਹੱਲਾ ਕਲੀਨਿਕਾਂ ’ਚ ਪਹਿਲੇ ਦੋ ਹਫ਼ਤਿਆਂ ਦੌਰਾਨ ਹੁਣ ਤੱਕ 60 ਹਜ਼ਾਰ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ, ਜਦੋਂ ਕਿ 6 ਹਜ਼ਾਰ ਦੇ ਕਰੀਬ ਟੈਸਟ ਹੋਏ ਹਨ। ਉਹ ਇੱਥੇ ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਹਿਊਮਨ ਰਾਈਟਸ ਪ੍ਰੋਟੈਕਸ਼ਨ ਵੈੱਲਫੇਅਰ ਸੁਸਾਇਟੀ ਵੱਲੋਂ ਮਨੁੱਖੀ ਅਧਿਕਾਰਾਂ ਪ੍ਰਤੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਮੁਹੱਲਾ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਤੇ ਵਿੱਤੀ ਸ਼ੋਸ਼ਣ ਬੰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸੇਵਾਵਾਂ ਸਰਕਾਰ ਦੀ ਮੁੱਖ ਤਰਜੀਹ ਹਨ ਤੇ ਮੁਹੱਲਾ ਕਲੀਨਿਕ ਵੀ ਇਸੇ ਹੀ ਕੜੀ ਦਾ ਹਿੱਸਾ ਹਨ। ਇਸ ਮੌਕੇ ਵਿਧਾਇਕ ਡਾ. ਬਲਬੀਰ ਸਿੰਘ, ਸੁਸਾਇਟੀ ਦੇ ਸੂਬਾਈ ਪ੍ਰਧਾਨ ਯਸ਼ਵੰਤ ਸ਼ਰਮਾ, ਜ਼ਿਲ੍ਹਾ ਪ੍ਰਧਾਨ ਗਰੁੱਪ ਕੈਪਟਨ ਰਣਜੀਤ ਸਿੰਘ, ਚੀਫ਼ ਕੋਆਰਡੀਨੇਟਰ ਦਰਸ਼ਨ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਵੇਦ ਪ੍ਰਕਾਸ਼ ਸਿੰਗਲਾ ਤੇ ਜਨਰਲ ਸਕੱਤਰ ਨਰੇਸ਼ ਪਾਠਕ ਤੇ ਵਿੱਤ ਸਕੱਤਰ ਰਾਜਿੰਦਰ ਕੁਮਾਰ ਗੋਇਲ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਵਿੱਚ ਅਸ਼ਵਨੀ ਕੁਮਾਰ ਟੰਡਨ, ਜੋਗਾ ਸਿੰਘ ਧਨੌਲਾ, ਅਮਰਨਾਥ, ਦਿਨੇਸ਼ ਰਾਣਾ ਤੇ ਸੰਜੀਵਨ ਸ਼ਰਮਾ ਆਦਿ ਹਾਜ਼ਰ ਸਨ।