ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੁਲਾਈ
ਸੂਬਾ ਸਰਕਾਰ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਮੁੜ ਲਵਾਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਦੇ ਫ਼ੈਸਲੇ ਤਹਿਤ ਸਥਾਪਤ ਕੀਤੇ ਗਏ ਕੰਟਰੋਲ ਰੂਮ ਵਿੱਚ ਦੋ ਦਿਨਾਂ ’ਚ ਇਕ ਹਜ਼ਾਰ ਤੋਂ ਵੱਧ ਕਿਸਾਨਾਂ ਨੇ ਪਨੀਰੀ ਲਈ ਸੰਪਰਕ ਕੀਤਾ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 350 ਦੇ ਕਰੀਬ ਅਤੇ ਬੁੱਧਵਾਰ ਨੂੰ 650 ਦੇ ਕਰੀਬ ਕਿਸਾਨਾਂ ਨੇ ਕੰਟਰੋਲ ਰੂਮ ਵਿੱਚ ਸੰਪਰਕ ਕੀਤਾ। ਇਸੇ ਤਰ੍ਹਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਝੋਨੇ ਦੀ ਪਨੀਰੀ ਦੀ ਬਿਜਾਈ ਕਰਨ ਤੋਂ ਇਲਾਵਾ ਮੁਫ਼ਤ ਬੀਜ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਸੂਬੇ ਵਿੱਚ 10 ਅਗਸਤ ਤੱਕ ਮੁੜ ਝੋਨੇ ਦੀ ਲੁਆਈ ਕੀਤੀ ਜਾਂਦੀ ਹੈ ਤਾਂ ਨਵੰਬਰ ਮਹੀਨੇ ਤੱਕ ਫਸਲ ਤਿਆਰ ਹੋ ਸਕਦੀ ਹੈ ਤੇ ਸੂਬੇ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਕਰਕੇ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।