ਆਤਿਸ਼ ਗੁਪਤਾ/ਗੁਰਸੇਵਕ ਸਿੰਘ ਪ੍ਰੀਤ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ
ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ 1103 ਏਕੜ ਜ਼ਮੀਨ ਲਈ ਜਾਰੀ ਕੀਤੇ 285 ਕਰੋੜ ਰੁਪਏ ਮੁਆਵਜ਼ੇ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਮੁਕਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਪਟਿਆਲਾ ਦੇ ਤਤਕਾਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀਡੀਪੀਓ) ਸੁਰਿੰਦਰ ਢਿੱਲੋਂ ਨੂੰ 26 ਮਈ 2022 ਵਿੱਚ ਦਰਜ ਐੱਫਆਈਆਰ ਦੇ ਸਬੰਧ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਦੋਸ਼ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ ਪਿੰਡ ਆਕੜੀ, ਸੇਹਰਾ, ਸੇਹਰੀ, ਤਖਤੂ ਮਾਜਰਾ ਅਤੇ ਪੱਬਰਾ ਦੀ ਐਕੁਆਇਰ ਕੀਤੀ 1103 ਏਕੜ ਜ਼ਮੀਨ ਲਈ ਜਾਰੀ 285 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲਾ ਕਰਨ ਅਤੇ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਨਾਕਾਮ ਰਹਿਣ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਵਿੱਚ ਸਾਹਮਣੇ ਆਇਆ ਕਿ ਅਲਾਟ ਕੀਤੇ ਗਏ ਫੰਡਾਂ ਦਾ 30 ਫੀਸਦ ਹਿੱਸਾ ਬੀਡੀਪੀਓ ਦਫ਼ਤਰ ਦੇ ਸਕੱਤਰ, ਤਨਖਾਹਾਂ ਦੇ ਖਾਤੇ ਵਿੱਚ ਜਮ੍ਹਾਂ ਹੋਣਾ ਸੀ, ਜੋ ਕਿ ਸਹੀ ਢੰਗ ਨਾਲ ਨਹੀਂ ਕਰਵਾਇਆ ਗਿਆ। ਇਸ ਦੇ ਨਾਲ ਹੀ ਨਿਯਮਾਂ ਅਨੁਸਾਰ ਬਾਕੀ ਬਚੇ ਫੰਡਾਂ ਦਾ ਮਹਿਜ਼ 10 ਫੀਸਦੀ ਹੀ ਇਨ੍ਹਾਂ ਪੰਜ ਪਿੰਡਾਂ ਦੇ ਵਿਕਾਸ ’ਤੇ ਲਾਇਆ ਜਾਣਾ ਸੀ, ਜਦਕਿ ਮੁਲਜ਼ਮ ਨੇ ਕਾਗਜ਼ਾਂ ਵਿੱਚ ਦਿਖਾਏ ਰਿਕਾਰਡ ਅਨੁਸਾਰ 65 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖਰਚ ਕਰ ਦਿੱਤੇ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਵਿਕਾਸ ਪ੍ਰਾਜੈਕਟ ਤਾਂ ਸਿਰਫ਼ ਕਾਗਜ਼ਾਂ ਵਿੱਚ ਹੀ ਹਨ ਅਤੇ ਜੋ ਕੰਮ ਕੀਤਾ ਗਿਆ ਹੈ ਉਹ ਵੀ ਲੋੜੀਂਦੇ ਤਕਨੀਕੀ ਮਾਪਦੰਡਾਂ ’ਤੇ ਖ਼ਰਾ ਨਹੀਂ ਉਤਰਦਾ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਉਨ੍ਹਾਂ ਦੇ ਪੁੱਤਰ ਅਤੇ ਸਾਥੀਆਂ ਨੂੰ ਵੀ ਪੁੱਛ-ਪੜਤਾਲ ਦੌਰਾਨ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁਲਾਰੇ ਅਨੁਸਾਰ ਮੁਲਜ਼ਮ ਸੁਰਿੰਦਰ ਢਿੱਲੋਂ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।