ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਰੂਪਨਗਰ, 25 ਮਾਰਚ
ਪੰਜਾਬ ਸਰਕਾਰ ਨੇ ਤੇਜ਼ੀ ਨਾਲ ਵਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਸੂਬੇ ’ਚ ਅਜਾਇਬ ਘਰ 10 ਅਪਰੈਲ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਆਖਿਆ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਹਿੱਤ ਆਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਨੂੰ ਫੌਰੀ ਬੰਦ ਕਰਨ ਦੇ ਹੁਕਮ ਹਨ ਅਤੇ ਇਥੇ ਆਮ ਲੋਕਾਂ ਦੇ ਦਾਖ਼ਲੇ ’ਤੇ ਪਾਬੰਦੀ ਹੋਵੇਗੀ। ਇਸੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੇ ਇਕ ਥਾਂ ’ਤੇ ਵੱਡੀ ਗਿਣਤੀ ਵਿਚ ਇਕੱਠੇ ਹੋਣ ਦੀ ਮਨਾਈ ਹੋਵੇਗੀ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਕਿਹਾ ਕਿ ਰਾਜ ਅੰਦਰ ਕਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਇਸ ਲਈ ਸਮੂਹ ਯਾਦਗਾਰਾਂ ਅਤੇ ਅਜਾਇਬ ਘਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।