ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਫਰਵਰੀ
ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੇ ’ਤੇ ਅੱਜ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਅਤੇ ਕੁਸ਼ਲਦੀਪ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਉਹ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸੇ ਮਾਮਲੇ ਵਿੱਚ ਤਨਖਾਹੀਆ ਕਰਾਰ ਦਿੱਤਾ ਜਾ ਚੁੱਕਿਆ ਹੈ। ਇਥੇ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਹੁਕਮਨਾਮਾ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਸਾਰੇ ਇਥੇ ਅਕਾਲ ਤਖ਼ਤ ’ਤੇ ਆ ਕੇ ਤਨਖ਼ਾਹ ਨਹੀਂ ਲਗਵਾ ਲੈਂਦੇ ਸਿੱਖ ਸੰਗਤਾਂ ਇਨ੍ਹਾਂ ਨੂੰ ਕੋਈ ਸਹਿਯੋਗ ਨਾ ਦੇਣ, ਇਨ੍ਹਾਂ ਨੂੰ ਕਿਸੇ ਗੁਰਦੁਆਰੇ ਵਿਚ ਬੋਲਣ ਨਾ ਦਿੱਤਾ ਜਾਵੇ ਅਤੇ ਕੋਈ ਸਨਮਾਨ ਵੀ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਇਨ੍ਹਾਂ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਸੀ ਤਾਂ ਜੋ ਇਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰ ਸਕਣ ਪਰ ਇਨ੍ਹਾਂ ਇਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ।