ਜੋਗਿੰਦਰ ਸਿੰਘ ਮਾਨ
ਮਾਨਸਾ, 31 ਮਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ ਪਸਾਰੇ ਅਤੇ ਮਜ਼ਬੂਤੀ ਵਾਸਤੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਦੀ ਜ਼ਮੀਰ ਨੂੰ ਜਗਾਉਣ ਲਈ ਤਪਦੀ ਦੁਪਹਿਰੇ ਨੰਗੇ ਧੜ ਧਰਨਾ ਲਾਉਂਦਿਆਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨੰਗੇ ਧੜ ਬੈਠੇ ਧਰਨਾਕਾਰੀਆਂ ਨੇ ਤਿੰਨ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐੱਮਐੱਸਪੀ ’ਤੇ ਸਾਰੀਆਂ ਫ਼ਸਲਾਂ ਦੀ ਖਰੀਦ ਵਾਲੀ ਗਾਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਸਾਰੇ ਗ਼ਰੀਬ ਲੋਕਾਂ ਲਈ ਲਾਗੂ ਕਰਨ ਲਈ ਜ਼ੋਰਦਾਰ ਢੰਗ ਨਾਲ ਹੋਕਾ ਦਿੱਤਾ। ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਤੇਜ ਸਿੰਘ ਚੁਕੇਰੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਪੱਕੇ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ’ਤੇ ਕਰੋਨਾ ਫੈਲਾਉਣ ਦੇ ਦੋਸ਼ ਲਾ ਕੇ ਅੰਦੋਲਨ ਨੂੰ ਬਦਨਾਮ ਕਰਨ ਦੀ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮਹਾਮਾਰੀ ਦੇ ਫ਼ੈਲਣ ਲਈ ਸਰਕਾਰਾਂ ਦੇ ਮਾੜੇ ਪ੍ਰਬੰਧ ਮੁੱਖ ਰੂਪ ਵਿੱਚ ਜ਼ਿੰਮੇਵਾਰ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੀ 5 ਜੂਨ ਨੂੰ ਖੇਤੀ ਕਾਨੂੰਨ ਬਣਾਉਣ ਲਈ ਆਰਡੀਨੈਂਸ ਲਿਆਉਣ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਮੌਕੇ ਮਹਿੰਦਰ ਸਿੰਘ ਭੈਣੀਬਾਘਾ, ਰਤਨ ਭੋਲਾ, ਸੋਮ ਦੱਤ ਸ਼ਰਮਾ, ਸੁਖਚਰਨ ਸਿੰਘ ਦਾਨੇਵਾਲੀਆ, ਇਕਬਾਲ ਸਿੰਘ ਮਾਨਸਾ ਅਤੇ ਬਲਵਿੰਦਰ ਸ਼ਰਮਾ ਖਿਆਲਾ ਨੇ ਸੰਬੋਧਨ ਕੀਤਾ।