ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਫਰਵਰੀ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ 4 ਫਰਵਰੀ, 1986 ਨੂੰ ਨਕੋਦਰ ਵਿੱਚ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੀ ਯਾਦ ਵਿੱਚ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਕਿ 35 ਵਰ੍ਹੇ ਬੀਤਣ ਮਗਰੋਂ ਵੀ ਪੀੜਤਾਂ ਨੂੰ ਨਿਆਂ ਨਹੀਂ ਮਿਲਿਆ, ਇਸ ਲਈ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ।
ਸ਼ਹੀਦ ਨੌਜਵਾਨ ਰਵਿੰਦਰ ਸਿੰਘ ਦੀ ਭੈਣ ਗਗਨਪ੍ਰੀਤ ਕੌਰ ਨੇ ਆਖਿਆ ਕਿ ਨਕੋਦਰ ਕਾਂਡ ਨੂੰ ਵਾਪਰਿਆਂ 35 ਵਰ੍ਹੇ ਬੀਤ ਗਏ ਹਨ ਪਰ ਹੁਣ ਤਕ ਪੀੜਤ ਪਰਿਵਾਰਾਂ ਨੂੰ ਨਿਆਂ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਨਕੋਦਰ ਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ ਅਤੇ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਆਖਿਆ ਕਿ ਨਕੋਦਰ ਕਾਂਡ ਵੇਲੇ ਗੋਲੀ ਚਲਾਉਣ ਵਾਲੇ ਪੁਲੀਸ ਅਧਿਕਾਰੀ ਅਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਪ੍ਰਸ਼ਾਸਨਿਕ ਅਧਿਕਾਰੀ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਹਨ ਅਤੇ ਉਨ੍ਹਾਂ ਨੂੰ ਉੱਚੇ ਅਹੁਦੇ ਦਿੱਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਪਨਾਹ ਦਿੱਤੀ ਹੋਈ ਹੈ। ਉਨ੍ਹਾਂ ਸਰਕਾਰ ਤੋਂ ਸਬੰਧਤ ਸਾਬਕਾ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵਿੱਚੋਂ ਸਿਰਫ਼ ਇੱਕ ਪਰਿਵਾਰ ਹੀ ਪੁੱਜਾ ਸੀ, ਜਿਸ ਨੂੰ ਸਿੱਖ ਜਥੇਬੰਦੀਆਂ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿੱਚ ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ ਵੀ ਸ਼ਾਮਲ ਸਨ।
ਕਿਸਾਨ ਨਵਰੀਤ ਸਿੰਘ ਨੂੰ ਸ਼ਰਧਾਂਜਲੀਆਂ
ਸਿੱਖ ਜਥੰਬਦੀਆਂ ਨੇ ਕਿਸਾਨ ਅੰਦੋਲਨ ਦੌਰਾਨ ਪੁਲੀਸ ਗੋਲੀ ਨਾਲ ਮਾਰੇ ਗਏ ਨੌਜਵਾਨ ਨਵਰੀਤ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ। ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਕਿਸਾਨ ਮੋਰਚੇ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮੱਤਭੇਦ ਭੁਲਾ ਕੇ ਕਿਸਾਨ ਸੰਘਰਸ਼ ਦੀ ਸਫ਼ਲਤਾ ਲਈ ਇਕਜੁੱਟਤਾ ਨਾਲ ਯਤਨ ਕਰਨ। ਉਨ੍ਹਾਂ ਨੇ ਕਿਸਾਨ ਆਗੂਆਂ ਨਾਲ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਨਵਰੀਤ ਸਿੰਘ ਤੇ ਹੋਰ ਨੌਜਵਾਨਾਂ ਨੂੰ ਸਮਰਥਨ ਦੇਣ ਤੋਂ ਇਨਕਾਰ ਕਰ ਕੇ ਨੌਜਵਾਨਾਂ ਦੇ ਹੌਸਲੇ ਪਸਤ ਕੀਤੇ ਗਏ ਹਨ। ਕਿਸਾਨ ਸੰਘਰਸ਼ ਖ਼ਿਲਾਫ਼ ਉਤਰੇ ਬੌਲੀਵੁਡ ਦੇ ਕੁਝ ਕਲਾਕਾਰਾਂ ਨੂੰ ਉਨ੍ਹਾਂ ਗੋਦੀ ਮੀਡੀਆ ਦੇ ਬਰਾਬਰ ਦਾ ਦਰਜਾ ਦਿੱਤਾ।