ਚਰਨਜੀਤ ਭੁੱਲਰ
ਚੰਡੀਗੜ੍ਹ, 10 ਦਸੰਬਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਵਜ਼ਾਰਤ ‘ਚ ਵਾਪਸੀ ਦਾ ਮਾਮਲਾ ਕਿਸਾਨ ਅੰਦੋਲਨ ਕਰਕੇ ਫਿਲਹਾਲ ਟਲ ਗਿਆ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਉਹ 9 ਦਸੰਬਰ ਸ਼ਾਮ ਨੂੰ ਚੰਡੀਗੜ੍ਹ ਪਹੁੰਚ ਗਏ ਸਨ। ਸੂਤਰ ਦੱਸਦੇ ਹਨ ਕਿ ਇਸ ਮੁਲਾਕਾਤ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਪੰਜਾਬ ਕਾਂਗਰਸ ਦੇ ਢਾਂਚੇ ਦੇ ਪੁਨਰਗਠਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਵਜ਼ਾਰਤ ਵਿਚ ਵਾਪਸੀ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਵਿਭਾਗ ਦੇ ਮਾਮਲੇ ‘ਤੇ ਵਿਚਾਰ ਚਰਚਾ ਕੀਤੀ ਜਿਸ ‘ਚ ਇਹੋ ਸਹਿਮਤੀ ਬਣੀ ਕਿ ਕਿਸਾਨ ਅੰਦੋਲਨ ਦੇ ਸਿਰੇ ਲੱਗਣ ਤੱਕ ਇਸ ਮਾਮਲਾ ਪੈਂਡਿੰਗ ਰੱਖ ਲਿਆ ਜਾਵੇ।ਸੂਤਰ ਆਖਦੇ ਹਨ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਹਰੀਸ਼ ਰਾਵਤ ਨੇ ਸਹਿਮਤੀ ਬਣਾਈ ਕਿ ਮੌਜੂਦਾ ਵਕਤ ਢੁਕਵਾਂ ਨਹੀਂ ਹੈ ਜਿਸ ਦੇ ਚੱਲਦਿਆਂ ਵਿਰੋਧੀ ਧਿਰਾਂ ਗਲਤ ਮਤਲਬ ਕੱਢ ਸਕਦੀਆਂ ਹਨ। ਸੂਤਰ ਦੱਸਦੇ ਹਨ ਕਿ ਕਿਸਾਨ ਅੰਦੋਲਨ ਦੇ ਤਣ ਪੱਤਣ ਲੱਗਣ ਤੱਕ ਨਵਜੋਤ ਸਿੱਧੂ ਦੀ ਵਜ਼ਾਰਤ ਵਿਚ ਵਾਪਸੀ ਲਟਕ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦੀ ਪੁਸ਼ਟੀ ਕੀਤੀ ਪ੍ਰੰਤੂ ਉਨ੍ਹਾਂ ਮੀਟਿੰਗ ਦੇ ਵੇਰਵੇ ਦੇਣ ਤੋਂ ਪਾਸਾ ਵੱਟ ਲਿਆ। ਸੂਤਰ ਦੱਸਦੇ ਹਨ ਕਿ ਅਗਾਮੀ 2020 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਢਾਂਚੇ ਨੂੰ ਮਜ਼ਬੂਤ ਕਰਨ ਦਾ ਮਾਮਲਾ ਵੀ ਵਿਚਾਰਿਆ ਗਿਆ।