ਜਗਮੋਹਨ ਸਿੰਘ
ਰੂਪਨਗਰ, 18 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲ ਦੌਰਾਨ ਗੁਰਦੁਆਰੇ ਨਤਮਸਤਕ ਹੋਏ। ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਧਾਮੀ ਨੇ ਕਿਹਾ ਕਿ ਆਨੰਦ ਮੈਰਿਜ ਐਕਟ ਹਾਲੇ ਪੂਰੀ ਤਰ੍ਹਾਂ ਲਾਗੂ ਨਹੀਂ ਹੋਇਆ ਹੈ ਅਤੇ ਇਸ ਵਿੱਚ ਸੋਧ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਵਿੱਚ 1909 ਦੇ ਮਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂਘਰ ਦਾ ਨਾਮ ਕਿਸੇ ਵਿਅਕਤੀ ਵਿਸ਼ੇਸ਼ ਦੇ ਨਿੱਜੀ ਨਾਮ ’ਤੇ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਬਹੁਤ ਵਾਰੀ ਔਕੜਾਂ ਆਈਆਂ ਪਰ ਪੰਥ ਹਮੇਸ਼ਾ ਚੜ੍ਹਦੀ ਕਲਾ ਵਿੱਚ ਹੀ ਰਿਹਾ ਹੈ ਅਤੇ ਸਦਾ ਰਹੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਗੁਰਿੰਦਰ ਸਿੰਘ ਗੋਗੀ ਅਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਸਿੱਖਾਂ ਹਾਜ਼ਰ ਸਨ।
ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਦੀਵਾਨ ਹਾਲ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕੱਢਣ ਦਾ ਪ੍ਰੋਗਰਾਮ ਇਸ ਲਈ ਮੁਲਤਵੀ ਕਰਨਾ ਪਿਆ ਹੈ ਕਿਉਂਕਿ ਪੰਜ ਮੈਂਬਰੀ ਕਮੇਟੀ ਨੇ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਫੈਸਲਾ ਲਿਆ ਹੈ ਕਿ ਪਹਿਲਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਜਾਵੇ। ਉਨ੍ਹਾਂ ਬੇਅਦਬੀ ਦੇ ਮਾਮਲਿਆਂ ਸਬੰਧੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਵਿੱਚ ਬੇਅਦਬੀ ਹੋਈ ਅਤੇ ਦੋ ਸਾਲ ਪਹਿਲਾਂ ਸ੍ਰੀ ਹਰਮਿੰਦਰ ਸਾਹਿਬ ਵਿਖੇ ਅੱਜ ਦੇ ਦਿਨ ਬੇਅਦਬੀ ਦੀ ਕੋਸ਼ਿਸ਼ ਹੋਈ ਸੀ।