ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 6 ਅਕਤੂਬਰ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਨੇ ਮੋਗਾ ਗੋਲੀ ਕਾਂਡ ਦੀ 50ਵੀਂ ਵਰ੍ਹੇਗੰਢ ਮੌਕੇ ਸ਼ਹੀਦੀ ਯਾਦਗਾਰ ‘ਰੀਗਲ ਸਿਨੇਮਾ’ ਮੋਗਾ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ’ਚ ਪੁੱਜੇ ਲੋਕਾਂ ਨੇ ਸ਼ਹੀਦਾਂ ਨੂੰ ਸਿਜਦਾ ਕਰਨ ਮਗਰੋਂ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪੀਐੱਸਯੂ ਸ਼ਹੀਦ ਰੰਧਾਵਾ ਦੇ ਸੂਬਾ ਆਗੂ ਅਮਿਤੋਜ ਮੌੜ ਨੇ ਕਿਹਾ ਕਿ ਇਸ ਵੱਡੇ ਜਨਤਕ ਸੰਘਰਸ਼ ਨੇ ਪੰਜਾਬ ਅੰਦਰ ਹਕੂਮਤੀ ਜ਼ਬਰ ਦੇ ਝੱਖੜ ਨੂੰ ਇੱਕ ਵਾਰ ਠੱਲ੍ਹ ਦਿੱਤਾ ਤੇ ਲੋਕਾਂ ਅੰਦਰ ਹੱਕਾਂ ਲਈ ਸੰਘਰਸ਼ ਕਰਨ ਦੀ ਨਵੀਂ ਚੇਤਨਾ ਭਰ ਦਿੱਤੀ, ਜਿਸ ਨੇ ਵਿਦਿਆਰਥੀ ਲਹਿਰ ਦੀ ਚੜ੍ਹਤ ਦੇ ਦੌਰ ਦਾ ਮੁੱਢ ਬੰਨ੍ਹਿਆ। ਇਸੇ ਤਰ੍ਹਾਂ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ੍ਹ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਅਸ਼ਵਨੀ ਘੁੱਦਾ ਨੇ ਕਿਹਾ ਕਿ ਅੱਜ ਦੇ ਸਮੇਂ ਨਿੱਜੀਕਰਨ ਤੇ ਵਪਾਰੀਕਰਨ ਦੀਆਂ ਨੀਤੀਆਂ ਨੇ ਸਿੱਖਿਆ ਤੇ ਰੁਜ਼ਗਾਰ ਦੇ ਹੱਕ ’ਤੇ ਹਮਲਾ ਹੋਰ ਵੀ ਤਿੱਖਾ ਕਰ ਦਿੱਤਾ ਹੈ। ਇਸ ਲਈ ਅੱਜ ਦੇ ਦੌਰ ਵਿੱਚ ਸੰਘਰਸ਼ਸ਼ੀਲ ਵਿਦਿਆਰਥੀ ਲਹਿਰ ਦੀ ਮਜ਼ਬੂਤੀ ਹੋਰ ਵੀ ਲੋੜੀਂਦੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਦਿਆਰਥੀ ਕਾਰਕੁਨਾਂ ਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸੰਘਰਸ਼ਾਂ ਦੇ ਇਸ ਪੰਨੇ ਨੂੰ ਨੌਜਵਾਨ ਵਰਗ ਸਾਹਮਣੇ ਉਭਾਰਨ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਨੌਜਵਾਨ ਵਿਦਿਆਰਥੀ ਲਹਿਰ ਤੋਂ ਪ੍ਰੇਰਿਤ ਹੋ ਕੇ ਲੋਕ ਲਹਿਰ ’ਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੋਕ ਸੰਘਰਸ਼ ਦੀਆਂ ਲਹਿਰਾਂ ਦੀਆਂ ਮੂਹਰਲੀਆਂ ਸਫ਼ਾ ’ਤੇ ਅਪੜਨ ਦੀ ਲੋੜ ਹੈ। ਇਸੇ ਦੌਰਾਨ ਪੀਅੱੈਸਯੂ ਤੇ ਨੌਜਵਾਨ ਭਾਰਤ ਸਭਾ ਵੱਲੋਂ 7 ਅਕਤੂਬਰ ਨੂੰ ਰੀਗਲ ਸਿਨੇਮਾ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ।
ਸ਼ਹੀਦਾਂ ਦੀ ਯਾਦਗਾਰ ਦੀ ਸੰਭਾਲ ਲਈ ਫੰਡ ਜਾਰੀ ਕਰਨ ਦੀ ਮੰਗ
ਮੋਗਾ ਸੰਗਰਾਮ ਦੇ ਸ਼ਹੀਦਾਂ ਦੀ ਯਾਦਗਾਰ ’ਤੇ ਜੁੜੇ ਇਕੱਠ ਵੱਲੋਂ ਮਤਾ ਪਾਇਆ ਗਿਆ ਕਿ ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ ਯਾਦਗਾਰ ਦੀ ਸੰਭਾਲ ਦਾ ਜ਼ਿੰਮਾ ਲੈਂਦਿਆਂ ਪੰਜਾਬ ਸਰਕਾਰ ਸਮੇਂ ਸਿਰ ਲੋੜੀਂਦੇ ਫੰਡ ਜਾਰੀ ਕਰੇ। ਵਿਦਿਆਰਥੀ ਲਹਿਰ ਦੇ ਸ਼ਹੀਦਾਂ ਦੀ ਯਾਦਗਾਰ ’ਤੇ ਜੁੜੇ ਇਕੱਠ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਹਰ ਵੰਨਗੀ ਦੀਆਂ ਫਿਰਕੂ ਚਾਲਾਂ ਦੀ ਪਛਾਣ ਕਰਕੇ ਇਨ੍ਹਾਂ ਨੂੰ ਅਸਫ਼ਲ ਕੀਤਾ ਜਾਵੇ। ਕਿਰਤੀਆਂ ’ਚ ਏਕਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖੀ ਜਾਵੇ।