ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਸੰਵਿਧਾਨ ਰੱਖਣ ਦੇ ਮਾਮਲੇ ਦੀ ਸੁਣਵਾਈ ਅੱਜ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਹੋਣੀ ਸੀ ਪਰ ਜੱਜ ਛੁੱਟੀ ’ਤੇ ਹੋਣ ਕਰ ਕੇ ਅਗਲੀ ਸੁਣਵਾਈ 6 ਮਈ ਨੂੰ ਨਿਰਧਾਰਤ ਕਰ ਦਿੱਤੀ ਗਈ ਹੈ। ਸਮਾਜ ਸੇਵੀ ਬਲਵੰਤ ਸਿੰਘ ਖੇੜਾ ਅਤੇ ਓਮ ਸਿੰਘ ਸਟਿਆਣਾ ਵੱਲੋਂ 2009 ਵਿੱਚ ਦਰਜ ਕਰਵਾਏ ਗਏ ਇਸ ਧੋਖਾਧੜੀ ਤੇ ਜਾਅਲਸਾਜ਼ੀ ਦੇ ਕੇਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਕੱਤਰ ਜਨਰਲ ਡਾ. ਦਲਜੀਤ ਸਿੰਘ ਚੀਮਾ ਪਹਿਲਾਂ ਹੀ ਅਦਾਲਤ ’ਚ ਪੇਸ਼ ਹੋ ਕੇ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ। ਸ੍ਰੀ ਖੇੜਾ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਬਾਦਲਾਂ ਦਾ ਕੇਸ ਲੜ ਰਹੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋ ਕਿ ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਹਨ, ਨੇ ਇਹ ਕੇਸ ਲੜਨ ਤੋਂ ਅਸਮਰੱਥਾ ਜ਼ਾਹਿਰ ਕੀਤੀ ਹੈ, ਇਸ ਲਈ ਅਗਲੀ ਤਰੀਕ ’ਤੇ ਬਾਦਲ ਪਰਿਵਾਰ ਵੱਲੋਂ ਕੇਸ ਨਵੇਂ ਵਕੀਲ ਵੱਲੋਂ ਲੜਿਆ ਜਾ ਸਕਦਾ ਹੈ।