ਪਾਲ ਸਿੰਘ ਨੌਲੀ
ਜਲੰਧਰ, 6 ਮਾਰਚ
ਕਰੋਨਾਵਾਇਰਸ ਦੇ ਲਗਾਤਾਰ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦਿਆਂ ਇਥੋਂ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਗਲੇ ਹੁਕਮਾਂ ਤਕ ਜ਼ਿਲ੍ਹੇ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਦਾ ਕਰਫਿਊ ਲਾਗੂ ਕਰ ਦਿੱਤਾ ਹੈ। ਕੁਝ ਸ਼੍ਰੇਣੀਆਂ ਨੂੰ ਉਨ੍ਹਾਂ ਦਾ ਕੰਮਕਾਜ ਜਾਰੀ ਰੱਖਣ ਲਈ ਕਰਫਿਊ ਤੋਂ ਛੋਟ ਦਿੱਤੀ ਗਈ ਹੈ। ਡੀਸੀ ਨੇ ਅਧਿਕਾਰੀਆਂ ਨੂੰ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਮੁੱਚੇ ਮਾਈਕਰੋ-ਕੰਟੇਨਮੈਂਟ ਜ਼ੋਨਾਂ ਵਿੱਚ ਕਰਫਿਊ ਵਰਗੀ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ ਵੀਡੀਓ-ਕਾਨਫਰੰਸ ਵਿੱਚ ਹਿੱਸਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਸਿਹਤ ਅਧਿਕਾਰੀਆਂ ਨੂੰ ਮਾਈਕਰੋ-ਕੰਟੇਨਮੈਂਟ ਜ਼ੋਨਾਂ ’ਤੇ ਨਜ਼ਰ ਰੱਖਣ ਲਈ ਕਿਹਾ ਹੈ।
ਜ਼ਿਲ੍ਹੇ ਵਿਚ ਅੱਜ ਕਰੋਨਾ ਪੀੜਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 154 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਹੁਣ ਤਕ 722 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22,410 ਤਕ ਜਾ ਪਹੁੰਚੀ ਹੈ।
ਫਗਵਾੜਾ (ਜਸਬੀਰ ਸਿੰਘ ਚਾਨਾ): ਜ਼ਿਲ੍ਹੇ ’ਚ ਵੱਧ ਰਹੀ ਕੋਰੋਨਾ ਦੀ ਮਹਾਮਾਰੀ ਦੇ ਮੱਦੇਨਜ਼ਰ ਅੱਜ ਕਪੂਰਥਲਾ ਵਿੱਚ ਵੀ ਰਾਤ 11 ਤੋਂ ਸਵੇਰੇ 5 ਵਜੇ ਤਕ ਦਾ ਕਰਫਿਊ ਐਲਾਨ ਦਿੱਤਾ ਗਿਆ ਹੈ। ਜਾਰੀ ਹੁਕਮਾਂ ’ਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੈਕਟਰੀਆਂ ਦਾ ਸਟਾਫ਼, ਜਿਹੜਾ 24 ਘੰਟੇ ਸ਼ਿਫ਼ਟਾਂ ’ਚ ਕੰਮ ਕਰਦਾ ਹੈ ਜਾਂ ਮੈਡੀਕਲ ਐਮਰਜੈਂਸੀ ਦੇ ਕੇਸਾਂ ’ਤੇ ਕੰਮ ਕਰ ਰਹੇ ਹਨ, ’ਤੇ ਕਰਫਿਊ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਨ ਮਗਰੋਂ ਵਾਪਸ ਆ ਰਹੇ ਲੋਕਾਂ ’ਤੇ ਵੀ ਛੋਟ ਦਿੱਤੀ ਗਈ ਹੈ।
ਮੁੱਖ ਸਕੱਤਰ ਵੱਲੋਂ ਉੱਚ ਅਧਿਕਾਰੀਆਂ ਨਾਲ ਕਰੋਨਾ ਬਾਰੇ ਮੀਟਿੰਗ
ਚੰਡੀਗੜ੍ਹ (ਆਤਿਸ਼ ਗੁਪਤਾ): ਸੂਬੇ ਵਿੱਚ ਸ਼ੁਰੂ ਹੋ ਚੁੱਕੀ ਕਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ’ਚ ਕਰੋਨਾ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕੋਵਿਡ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਸੂਬੇ ’ਚ ਨੇਮਾਂ ਦੀ ਪਾਲਣਾ ਅਤੇ ਚੌਕਸੀ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਪੁਲੀਸ ਮੁਖੀਆਂ ਵੱਲੋਂ ਲਾਜ਼ਮੀ ਤੌਰ ’ਤੇ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਸਮਾਜਿਕ ਕਾਰਜਾਂ ਵਰਗੇ ਵੱਡੇ ਇਕੱਠਾਂ ਦੌਰਾਨ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਮਤ ਇਕੱਤਰਤਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਤੇ ਲੋਕਾਂ ਦੇ ਇਕੱਠ ਵਾਲੀਆਂ ਹੋਰ ਥਾਵਾਂ ’ਤੇ ਕੋਵਿਡ ਨਿਗਰਾਨ ਨਿਯੁਕਤ ਕੀਤੇ ਜਾਣ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਥਾਵਾਂ ’ਤੇ ਕੋਵਿਡ-19 ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਕੋਵਿਡ ਸਬੰਧੀ ਸਿਹਤ ਪ੍ਰੋਟੋਕਾਲਾਂ ਲਈ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬਿਮਾਰੀ ਦਾ ਫੈਲਾਅ ਘੱਟ ਹੈ ਇਸ ਲਈ ਸਕੂਲ ਬੰਦ ਕਰਨ ਦੀ ਲੋੜ ਨਹੀਂ ਹੈ। ਸਕੂਲ ਅਧਿਆਪਕਾਂ ਨੂੰ ਟੈਸਟ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਵੇ ਅਤੇ ਯੋਗ ਅਧਿਆਪਕਾਂ ਨੂੰ ਪਹਿਲ ਦੇ ਆਧਾਰ ’ਤੇ ਫਰੰਟ ਲਾਈਨ ਵਰਕਰਾਂ ਵਜੋਂ ਲਾਜ਼ਮੀ ਤੌਰ ’ਤੇ ਟੀਕਾ ਲਗਾਇਆ ਜਾਵੇ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਹੁਣ ਤੱਕ 2,38,367 ਵਿਅਕਤੀਆਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਟੀਕਾ ਲਗਵਾਉਣ ਪਿੱਛੋਂ ਕਿਸੇ ਵੀ ਵਿਅਕਤੀ ਨੂੰ ਕੋਈ ਸਿਹਤ ਸਮੱਸਿਆ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਇਕ ਮਾਡਲ ਬਾਰੇ ਵੀ ਜਾਣੂ ਕਰਵਾਇਆ ਜੋ ਮਾਰਚ ਦੇ ਅੱਧ ਤੋਂ ਲੈ ਕੇ ਮਾਰਚ ਦੇ ਅਖੀਰ ਤੱਕ ਪ੍ਰਤੀ ਦਿਨ 3000 ਮਾਮਲੇ ਸਾਹਮਣੇ ਆਉਣ ਦੀ ਸੰਭਾਵਨਾ ਬਾਰੇ ਜਾਣਕਾਰੀ ਦਿੰਦਾ ਹੈ।