ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਰਮਾ ਉਤਪਾਦਕਾਂ ਨੂੰ ਗੁਲਾਬੀ ਸੁੰਡੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਦਲੇ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ| ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਨਰਮੇ ਦੀ ਚੁਗਾਈ ਵਿੱਚ ਲੱਗੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਖਰਾਬ ਹੋਈ ਫ਼ਸਲ ਦੇ ਮੁਆਵਜ਼ੇ ਵਾਸਤੇ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ| ਸ੍ਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫ਼ਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ| ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਮੁਆਵਜ਼ੇ ਦੀ ਰਕਮ ਅਦਾ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।