ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਅਪਰੈਲ
ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕੋਈ ਖ਼ਤਰਾ ਨਹੀਂ ਹੈ। ਇਸ ਗੱਲ ਦਾ ਖੁਲਾਸਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋ ਕੇ ਕੀਤਾ ਹੈ। ਮਜੀਠੀਆ ਦੀ ਸੁਰੱਖਿਆ ਮਾਮਲੇ ਸਬੰਧੀ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਮਜੀਠੀਆ ਨੇ ਕੱਲ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਲਗਾਉਣ ਸਮੇਂ ਅਦਾਲਤ ਨੂੰ ਸੰਬੋਧਨ ਹੁੰਦਿਆਂ ਕਿਹਾ ਸੀ ਕਿ ਜੇਲ੍ਹ ਵਿੱਚ ਕੁੱਝ ਵੀ ਠੀਕ ਨਹੀਂ ਹੈ ਅਤੇ ਨਵੀਂ ਬੈਰਕ ਵਿੱਚ ਉਸ ਦੀ ਜਾਨ ਨੂੰ ਖ਼ਤਰਾ ਹੈ। ਸੁਣਵਾਈ ਮੌਕੇ ਮਜੀਠੀਆ ਦੀ ਪਤਨੀ ਅਤੇ ਅਕਾਲੀ ਵਿਧਾਇਕਾ ਗੁਨੀਤ ਕੌਰ ਵੀ ਅਦਾਲਤ ਵਿੱਚ ਹਾਜ਼ਰ ਸਨ। ਵਾਪਸੀ ਸਮੇਂ ਜਦੋਂ ਮੀਡੀਆ ਨੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ (ਬੀਬੀ ਮਜੀਠੀਆ) ਇਸ ਮੁੱਦੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਸੁਣਵਾਈ ਦੌਰਾਨ ਪੰਜਾਬ ਸਰਕਾਰ ਤਰਫੋਂ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਅਦਾਲਤ ਵਿੱਚ ਪੇਸ਼ ਹੋਏ ਅਤੇ ਆਪਣਾ ਪੱਖ ਰੱਖਿਆ। ਜੇਲ੍ਹ ਸੁਪਰਡੈਂਟ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਮਜੀਠੀਆ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਉਹ ਖ਼ੁਦ ਬੈਰਕ ਦੇ ਬਾਹਰ ਕੁਰਸੀ ਡਾਹ ਕੇ ਬੈਠਣ ਨੂੰ ਤਿਆਰ ਹਨ। ਉਂਜ ਉਨ੍ਹਾਂ ਅਕਾਲੀ ਆਗੂ ਨੂੰ ਨਵੀਂ ਬੈਰਕ ਵਿੱਚ ਭੇਜਣ ਦੀ ਗੱਲ ਜ਼ਰੂਰ ਮੰਨੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਮਜੀਠੀਆ ਦੀ ਬੈਰਕ ਬਦਲੀ ਗਈ ਹੈ। ਉਧਰ, ਬਚਾਅ ਪੱਖ ਨੇ ਅੱਜ ਇਕ ਹੋਰ ਨਵੀਂ ਅਰਜ਼ੀ ਦਾਇਰ ਕਰਕੇ ਮਜੀਠੀਆ ਦੀ ਸੁਰੱਖਿਆ ਸਬੰਧੀ ਜੇਲ੍ਹ ਪ੍ਰਸ਼ਾਸਨ ’ਤੇ ਸਵਾਲ ਚੁੱਕੇ ਹਨ। ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਅਦਾਲਤ ਨੂੰ ਦੱਸਿਆ ਕਿ ਉਹ ਕੱਲ ਪਟਿਆਲਾ ਜੇਲ੍ਹ ਵਿੱਚ ਆਪਣੇ ਮੁਵੱਕਿਲ ਨੂੰ ਮਿਲਣ ਲਈ ਗਏ ਸਨ ਅਤੇ ਮਜੀਠੀਆ ਨੂੰ ਜੋੜਾ ਚੱਕੀ ਵਿੱਚ 8 ਬਾਈ 8 ਸਾਈਜ਼ ਦੀ ਬੈਰਕ ਵਿੱਚ ਰੱਖਿਆ ਗਿਆ ਹੈ ਜੋ ਬਹੁਤ ਛੋਟੀ ਅਤੇ ਖਸਤਾ ਹਾਲਤ ਵਿੱਚ ਹੈ। ਉਨ੍ਹਾਂ ਇਹ ਵੀ ਦੇਖਿਆ ਕਿ ਜੇਲ੍ਹ ਕੰਪਲੈਕਸ ਅੰਦਰ ਖੁੱਲ੍ਹੇਆਮ ਕੁੱਝ ਵਿਅਕਤੀ (ਕੈਦੀ) ਕਹੀਆਂ ਲੈ ਕੇ ਘੁੰਮ-ਫਿਰ ਰਹੇ ਸਨ। ਇਨ੍ਹਾਂ ਹਾਲਾਤ ਵਿੱਚ ਉੱਥੇ ਕੁੱਝ ਵੀ ਵਾਪਰ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮਜੀਠੀਆ ਨੂੰ ਪਹਿਲਾਂ ਵਾਲੀ ਸੁਰੱਖਿਅਤ ਬੈਰਕ ਵਿੱਚ ਸ਼ਿਫ਼ਟ ਕੀਤਾ ਜਾਵੇ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਸਬੰਧੀ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਮਜੀਠੀਆ ਸੁਰੱਖਿਆ ਮਾਮਲੇ ਦੀ ਅਗਲੀ ਸੁਣਵਾਈ 8 ਅਪਰੈਲ ਨੂੰ ਹੋਵੇਗੀ।