ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਨਵੰਬਰ
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਦੇਣ ਦੀ ਮੁਹਿੰਮ ਨੂੰ ਲੈ ਕੇ ਭਖੇ ਸਿਆਸੀ ਮਾਹੌਲ ਦਰਮਿਆਨ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਵਾਸਤੇ ਚੰਡੀਗੜ੍ਹ ਵਿਚ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਇੱਕ ਪ੍ਰਸਤਾਵ ਕਾਫ਼ੀ ਅਰਸੇ ਤੋਂ ਪੈਂਡਿੰਗ ਪਿਆ ਹੈ ਜਿਸ ਬਾਰੇ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ।
ਰਾਜਪਾਲ ਕਟਾਰੀਆ ਨੇ ਕਿਹਾ ਕਿ ਜ਼ਮੀਨ ਦੀ ਅਲਾਟਮੈਂਟ ਲਈ ਫ਼ੈਸਲਾ ਲੈਣ ਵਾਲੀ ਸਥਿਤੀ ਹਾਲੇ ਨਹੀਂ ਆਈ ਹੈ ਅਤੇ ਇਸ ਲਈ ਫ਼ਿਲਹਾਲ ਕੁਝ ਵੀ ਕਹਿਣਾ ਵਾਜਿਬ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਲੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਇੱਕ ਐਵਾਰਡ ਸਮਾਰੋਹ ਵਿਚ ਸ਼ਮੂਲੀਅਤ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਇਸ ਮਸਲੇ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਚੇਤੇ ਰਹੇ ਕਿ ਹਰਿਆਣਾ ਸਰਕਾਰ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਵਾਸਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜ਼ਮੀਨ ਦੀ ਮੰਗ ਕੀਤੀ ਗਈ ਹੈ। ਬਦਲੇ ਵਿਚ ਹਰਿਆਣਾ ਯੂਟੀ ਪ੍ਰਸ਼ਾਸਨ ਨੂੰ ਪੰਚਕੂਲਾ ’ਚ ਜ਼ਮੀਨ ਦੇਣ ਲਈ ਤਿਆਰ ਹੈ। ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਖ ਚੁੱਕੀ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਨਹੀਂ ਦੇਣ ਦਿੱਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲੰਘੇ ਦਿਨੀਂ ਰਾਜਪਾਲ ਨਾਲ ਮੁਲਾਕਾਤ ਕਰਕੇ ਹਰਿਆਣਾ ਸਰਕਾਰ ਦੇ ਇਨ੍ਹਾਂ ਕਦਮਾਂ ਦਾ ਵਿਰੋਧ ਕਰ ਚੁੱਕੇ ਹਨ। ਮੁੱਖ ਵਿਰੋਧੀ ਧਿਰ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਇਸ ਦਾ ਵਿਰੋਧ ਕਰ ਚੁੱਕੇ ਨ ਅਤੇ ਭਾਜਪਾ ਆਗੂਆਂ ਨੇ ਵੀ ਇਸ ਦਾ ਵਿਰੋਧ ਦਰਜ ਕਰਾਇਆ ਹੈ। ਪਤਾ ਲੱਗਾ ਹੈ ਕਿ ਸ੍ਰੀ ਕਟਾਰੀਆ ਅੱਜ ਆਪਣੇ ਜੱਦੀ ਘਰ ਉਦੈਪੁਰ ਚਲੇ ਗਏ ਹਨ ਤੇ ਉਹ ਦੋ ਦਿਨਾਂ ਮਗਰੋਂ ਚੰਡੀਗੜ੍ਹ ਪਰਤਣਗੇ।