ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਅਗਸਤ
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੁਣ ਸੂਬੇ ਵਿੱਚ ਲੋਕਾਂ ਨੂੰ ਪੰਜਾਬ ਅਰਬਨ ਪਲਾਨਿੰਗ ਐਂਡ ਡਿਵੈਲਪਮੈਂਟ ਅਥਾਰਟੀ (ਪੁੱਡਾ) ਰਿਹਾਇਸ਼ੀ ਕਲੋਨੀਆਂ, ਕਮਰਸ਼ੀਅਲ ਪਲਾਟ ਤੇ ਇੰਡਸਟਰੀਅਲ ਪਲਾਟ ਬਣਾ ਕੇ ਦੇਵੇਗੀ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਨਾਜਾਇਜ਼ ਕਲੋਨੀ ਨਹੀਂ ਕੱਟਣ ਦਿੱਤੀ ਜਾਵੇਗੀ। ਜੇਕਰ ਕੋਈ ਕਾਨੂੰਨ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਕਲੋਨੀਆਂ ਬਣਾਉਣ ਵਾਲੇ ਕਲੋਨਾਈਜ਼ਰਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਤਸ਼ਾਹਤ ਕੀਤਾ ਜਾਵੇਗਾ।ਇਸ ਦੌਰਾਨ ਉਨ੍ਹਾਂ ਨੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਸਿਰੇ ਚੜ੍ਹਾਵੇ। ਸ੍ਰੀ ਅਰੋੜਾ ਨੇ ਗਲਾਡਾ ਦਫ਼ਤਰ ਵਿੱਚ ਗਲਾਡਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੌਰਾਨ ਅਧਿਕਾਰੀਆਂ ਨੂੰ ਅਜਿਹੀ ਰਣਨੀਤੀ ਉਲੀਕਣ ਦੇ ਨਿਰਦੇਸ਼ ਦਿੱਤੇ, ਜਿਸ ਤਹਿਤ ਪ੍ਰਵਾਨਿਤ ਰਿਹਾਇਸ਼ੀ ਕਲੋਨੀਆਂ ਅਤੇ ਉਦਯੋਗਿਕ ਅਸਟੇਟ ਵਿੱਚ ਬੁਨਿਆਦੀ ਢਾਂਚੇ ’ਤੇ ਵੱਧ ਤੋਂ ਵੱਧ ਫੰਡ ਖਰਚੇ ਜਾਣ। ਉਨ੍ਹਾਂ ਨਵੀਆਂ ਸ਼ਹਿਰੀ ਅਤੇ ਉਦਯੋਗਿਕ ਅਸਟੇਟ ਤਿਆਰ ਕਰਨ ਲਈ ਢੁਕਵੀਆਂ ਥਾਵਾਂ ਲੱਭਣ ਦੀਆਂ ਵੀ ਹਦਾਇਤਾਂ ਕੀਤੀਆਂ। ਕੈਬਨਿਟ ਮੰਤਰੀ ਨੇ ਗਲਾਡਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਮਿਊਨਿਟੀ ਕਲੱਬ, 100 ਫੁੱਟ ਚੌੜੀ ਸੜਕ, ਵਿਸ਼ੇਸ਼ ਪਾਰਕ, ਛੋਟੇ ਪੁਲ ਦੀ ਉਸਾਰੀ, ਚੰਡੀਗੜ੍ਹ ਰੋਡ ਦੀ ਰੀ-ਕਾਰਪੇਟਿੰਗ ਤੋਂ ਇਲਾਵਾ ਹੋਰ ਸੜਕੀ ਅਤੇ ਸੀਵਰੇਜ ਸਬੰਧੀ ਕਾਰਜਾਂ ਸਮੇਤ ਗਲਾਡਾ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਗਲਾਡਾ ਤੋਂ ਇਲਾਵਾ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਬੱਚਤ ਭਵਨ ਵਿੱਚ ਕਲੋਨਾਈਜ਼ਰਾਂ ਅਤੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ (ਆਰ.ਡਬਲਿਊ.ਏਜ਼) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਰੀਅਲ ਅਸਟੇਟ ਸੈਕਟਰ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕਰੇਗੀ, ਜੋ ਇੱਕੋ ਛੱਤ ਹੇਠ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਪ੍ਰਦਾਨ ਕਰੇਗਾ। ਇਸ ਨਾਲ ਸ਼ਹਿਰੀ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ।