ਮੋਰਿੰਡਾ, 11 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪਿੰਡਾਂ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹ ਪਿੰਡ ਢੋਲਣ ਮਾਜਰਾ ਵਿੱਚ ਆਪਣੀ ਰਿਹਾਇਸ਼ ’ਤੇ ਚਮਕੌਰ ਸਾਹਿਬ ਬਲਾਕ ਦੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਮੈਂਬਰਾਂ, ਸਰਪੰਚਾਂ ਤੇ ਕੌਂਸਲਰਾਂ ਨਾਲ ਮੁਲਾਕਾਤ ਕਰ ਰਹੇ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਉਹ ਨਿੱਜੀ ਤੌਰ ’ਤੇ ਪੰਚਾਇਤਾਂ ਨੂੰ ਮਿਲ ਰਹੇ ਹਨ ਤੇ ਪੰਚਾਇਤਾਂ ਦੀਆਂ ਮੰਗਾਂ ਵੀ ਮੰਨੀਆਂ ਜਾਣਗੀਆਂ। ਉਨ੍ਹਾਂ ਨੇ ਪੰਚਾਇਤਾਂ ਨੂੰ ਵਿਕਾਸ ਕਾਰਜ ਤੇਜ਼ ਕਰਨ ਲਈ ਕਿਹਾ ਤਾਂ ਕਿ ਵਿਕਾਸ ਕਾਰਜਾਂ ਦਾ ਅਗਲਾ ਫੇਜ਼ ਜਲਦੀ ਸ਼ੁਰੂ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਕਿ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਤੇ ਇਸ ਸਬੰਧ ਵਿੱਚ ਪਾਲਿਸੀ ਵੀ ਬਣਾਈ ਜਾਵੇ। -ਪੀਟੀਆਈ