ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਜਨਵਰੀ
ਆਪਣੀ ਮਾਂ ਪਾਰਟੀ ਕਾਂਗਰਸ ਨੂੰ ਅਲਵਿਦਾ ਆਖ ਕੇ ਤਿੰਨ ਦਹਾਕਿਆਂ ਮਗਰੋਂ ਖੁਦ ਦੀ ਬਣਾਈ ਪਾਰਟੀ ਵੱਲੋਂ ਚੋਣ ਲੜ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਨ੍ਹਾਂ ਪਟਿਆਲਾ ਸ਼ਹਿਰੀ ਹਲਕੇ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਟਿੱਕੂ ਵੀ ਉਨ੍ਹਾਂ ਦੇ ਨਾਲ ਸਨ। ਸਿਆਸੀ ਮਜਬੂਰੀ ਕਰ ਕੇ ਕੈਪਟਨ ਦੀ ਪਤਨੀ ਪਰਨੀਤ ਕੌਰ ਉਨ੍ਹਾਂ ਦੇ ਨਾਲ ਨਹੀਂ ਆ ਸਕੇ ਕਿਉਂਕਿ ਪਰਨੀਤ ਕੌਰ ਅਜੇ ਵੀ ਕਾਂਗਰਸ ਵਿਚ ਹੀ ਹਨ। ਅਜਿਹੀ ਹੀ ਮਜਬੂਰੀ ਐਤਕੀ ਉਨ੍ਹਾਂ ਦੇੇ ਕਵਰਿੰਗ ਉਮੀਦਵਾਰ ਬਣਨ ’ਚ ਵੀ ਅੜਿੱਕਾ ਬਣੀ, ਜਿਸ ਕਰ ਕੇ ਪਹਿਲੀ ਵਾਰ ਸ਼ਾਹੀ ਪਰਿਵਾਰ ਦੀ ਧੀ ਜੈ ਇੰਦਰ ਕੌਰ ਨੂੰ ਕੈਪਟਨ ਦਾ ਕਵਰਿੰਗ ਉਮੀਦਵਾਰ ਬਣਨਾ ਪਿਆ। ਇਸੇ ਕਾਰਨ ਐਤਕੀ ਪਰਨੀਤ ਕੌਰ ਦੀ ਥਾਂ ਕੈਪਟਨ ਦੀ ਚੋਣ ਮੁਹਿੰਮ ਦੀ ਕਮਾਨ ਵੀ ਉਨ੍ਹਾਂ ਦੀ ਧੀ ਜੈਇੰਦਰ ਕੌਰ ਨੂੰ ਹੀ ਸੰਭਾਲਣੀ ਪੈ ਰਹੀ ਹੈ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਜਿੱਥੇ ਐਤਕੀ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਨਾਲ ਜਿੱਤਣ ਦਾ ਦਾਅਵਾ ਕੀਤਾ, ਉੱਥੇ ਹੀ ਉਨ੍ਹਾਂ ਪੰਜਾਬ ਭਰ ’ਚੋਂ ਭਾਜਪਾ, ਪੀਐੱਲਸੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗੱਠਜੋੜ ਨੂੰ ਬਹੁਮਤ ਮਿਲਣ ਦੀ ਗੱਲ ਵੀ ਆਖੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸ ਦੇ ਵਾਅਦਿਆਂ ਨੂੰ 111 ਦਿਨਾਂ ਵਿੱਚ ਪੂਰਾ ਕਰਨ ਦੇ ਕੀਤੇ ਗਏ ਦਾਅਵਿਆਂ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਜੋ ਵੀ ਦਾਅਵੇ ਆਪਣੀ ਨਿੱਜੀ ਪ੍ਰਾਪਤੀ ਵਜੋਂ ਕਰ ਰਹੇ ਸਨ, ਉਹ ਸਭ ਕੁਝ ਉਨ੍ਹਾਂ (ਕੈਪਟਨ) ਦੀ ਸਰਕਾਰ ਵੱਲੋਂ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਅਤੇ ਨਸ਼ਿਆਂ ਦੇ ਮਾਮਲਿਆਂ ਨੂੰ ਸਿਰੇ ਚੜ੍ਹਾਉਣ ਲਈ ਵੀ ਉਨ੍ਹਾਂ ਦੀ ਸਰਕਾਰ ਨੇ ਸਖ਼ਤ ਕਦਮ ਉਠਾਏ ਸਨ।
ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀ ਕਾਗਜ਼ ਕੀਤੇ ਦਾਖਲ
ਜਲਾਲਾਬਾਦ (ਚੰਦਰ ਪ੍ਕਾਸ਼ ਕਾਲੜਾ): ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫਸਰ ਦੇਵਦਰਸ਼ਦੀਪ ਸਿੰਘ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਕਾਗਜ਼ ਭਰੇ। ਸੁਖਬੀਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤਹਿਸੀਲ ਕੰਪਲੈਕਸ ਪਹੁੰਚੀ। ਸੁਖਬੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਾਲਾਬਾਦ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਹੀ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਨੂੰ ਜਦੋਂ ਵੀ ਇਸ ਇਲਾਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ, ਉਨ੍ਹਾਂ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਰਹੀ ਤਾਂ ਇਸ ਵਾਰ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਇਸ ਹਲਕੇ ਦਾ ਹੋਰ ਵਿਕਾਸ ਕਰਵਾਇਆ ਜਾਵੇਗਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਦਿੱਲੀ ਤੋਂ ਆ ਕੇ ਪੰਜਾਬ ’ਤੇ ਰਾਜ ਕਰਨਾ ਚਾਹੁੰਦੇ ਹਨ ਪਰ ਪੰਜਾਬੀ ਅਜਿਹਾ ਨਹੀਂ ਹੋਣ ਦੇਣਗੇ। ਪੰਜਾਬ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਹੈ, ਜਿਸ ਦਾ ਇਤਿਹਾਸ ਅਤੇ ਕੰਮ ਲੋਕਾਂ ਨੇ ਦੇਖਿਆ ਹੋਵੇ। ਲੋਕ ਅਜਿਹੀ ਪਾਰਟੀ ਦਾ ਸਾਥ ਦੇਣ, ਜੋ ਪੰਜਾਬ ਅਤੇ ਪੰਜਾਬੀਅਤ ਦੀ ਰੱਖਿਆ ਲਈ ਸਿਰ-ਧੜ ਦੀ ਬਾਜ਼ੀ ਲਗਾਉਣ ਲਈ ਤਿਆਰ ਹੋਵੇ। ਇਸ ਮੌਕੇ ਓਐੱਸਡੀ ਸਤਿੰਦਰਜੀਤ ਸਿੰਘ ਮੰਟਾ, ਸੂਬਾ ਮੀਤ ਪ੍ਰਧਾਨ ਪ੍ਰੇਮ ਕੁਮਾਰ ਵਲੇਚਾ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਸ਼ੋਕ ਕੁਮਾਰ ਅਨੇਜਾ ਤੇ ਹੋਰ ਹਾਜ਼ਰ ਸਨ।
ਵਿਜੈ ਸਾਂਪਲਾ ਨੇ ਫਗਵਾੜਾ ਤੋਂ ਨਾਮਜ਼ਦਗੀ ਭਰੀ
ਫਗਵਾੜਾ (ਜਸਬੀਰ ਸਿੰਘ ਚਾਨਾ): ਭਾਜਪਾ ਵੱਲੋਂ ਫਗਵਾੜਾ ਤੋਂ ਉਮੀਦਵਾਰ ਵਿਜੈ ਸਾਂਪਲਾ ਨੇ ਅੱਜ ਇੱਥੇ ਐੱਸਡੀਐੱਮ ਤੇ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਲੜਕੇ ਅਮਿਤ ਸਾਂਪਲਾ ਨੇ ਕਾਗਜ਼ ਭਰੇ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਰਾਜੇਸ਼ ਬੱਗਾ ਉਨ੍ਹਾਂ ਦੇ ਨਾਲ ਸਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਚੋਣ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੁਸ਼ਯੰਤ ਗੌਤਮ ਨੇ ਕਿਹਾ ਕਿ ਵਿਜੈ ਸਾਂਪਲਾ ਨੇ ਫਗਵਾੜਾ ਵਾਸੀਆਂ ਦੀ ਦਿਨ-ਰਾਤ ਸੇਵਾ ਕੀਤੀ ਹੈ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਫਗਵਾੜਾ ਦੇ ਲੋਕ ਉਨ੍ਹਾਂ ਨੂੰ ਮੁੜ ਸੇਵਾ ਦਾ ਮੌਕਾ ਦੇਣਗੇ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜਿਸ ਤਰ੍ਹਾਂ ਫਗਵਾੜਾ ਵਾਸੀ ਸਾਂਪਲਾ ਨੂੰ ਪਿਆਰ ਦੇ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਉਹ ਭਾਰੀ ਵੋਟਾਂ ਤੋਂ ਜਿੱਤ ਹਾਸਲ ਕਰਣਗੇ।
ਭੁਲੱਥ ਤੋਂ ਖਹਿਰਾ ਤੇ ਬੀਬੀ ਜਗੀਰ ਕੌਰ ਵੱਲੋਂ ਨਾਮਜ਼ਦਗੀ ਦਾਖਲ
ਭੁਲੱਥ (ਪੱਤਰ ਪ੍ਰੇਰਕ): ਸਥਾਨਕ ਸਬ-ਡਿਵੀਜ਼ਨ ਕੰਪਲੈਕਸ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਐੱਸਡੀਐੱਮ ਭੁਲੱਥ ਡਾ. ਸ਼ਾਇਰੀ ਮਲਹੋਤਰਾ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਚੋਣ ਅਧਿਕਾਰੀ ਡਾ. ਮਲਹੋਤਰਾ ਨੇ ਦੱਸਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੀਬੀ ਜਗੀਰ ਕੌਰ ਅਤੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਮਹਿਤਾਬ ਸਿੰਘ ਖਹਿਰਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਰਣਜੀਤ ਸਿੰਘ ਰਾਣਾ ਤੇ ਕਵਰਿੰਗ ਉਮੀਦਵਾਰ ਵਜੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਅਤੇ ਇੱਕ ਆਜ਼ਾਦ ਉਮੀਦਵਾਰ ਵਜੋਂ ਰਾਜ ਸਿੰਘ ਵਾਸੀ ਕਪੂਰਥਲਾ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।