ਚਰਨਜੀਤ ਭੁੱਲਰ
ਚੰਡੀਗੜ੍ਹ, 11 ਨਵੰਬਰ
ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵੱਲੋਂ ਫ਼ਸਲੀ ਖ਼ਰੀਦ ਦੌਰਾਨ ਹੀ ਬੰਦ ਕੀਤੇ ਖ਼ਰੀਦ ਕੇਂਦਰਾਂ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਅੱਜ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਬੰਦ ਕੀਤੇ ਖ਼ਰੀਦ ਕੇਂਦਰਾਂ ਨੂੰ ਚਾਲੂ ਰੱਖਿਆ ਜਾਵੇ। ‘ਪੰਜਾਬੀ ਟ੍ਰਿਬਿਊਨ’ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ 326 ਖ਼ਰੀਦ ਕੇਂਦਰਾਂ ਨੂੰ 10 ਨਵੰਬਰ ਤੋਂ ਹੀ ਬੰਦ ਕੀਤੇ ਜਾਣ ਦੀ ਖ਼ਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ। ਪੰਜਾਬ ਦੇ ਦਸ ਜ਼ਿਲ੍ਹਿਆਂ ਵਿੱਚ ਇਹ ਖ਼ਰੀਦ ਕੇਂਦਰ ਬੰਦ ਕੀਤੇ ਗਏ ਸਨ। ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ 9 ਨਵੰਬਰ ਨੂੰ ਪੰਜਾਬ ਮੰਡੀ ਬੋਰਡ ਨੂੰ ਪੱਤਰ ਲਿਖ ਕੇ ਇਹ ਰੈਗੂਲਰ ਅਤੇ ਆਰਜ਼ੀ ਖ਼ਰੀਦ ਕੇਂਦਰ ਬੰਦ ਕੀਤੇ ਜਾਣ ਬਾਰੇ ਲਿਖਿਆ ਸੀ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਤਰਕ ਸੀ ਕਿ ਇਨ੍ਹਾਂ ਖ਼ਰੀਦ ਕੇਂਦਰਾਂ ਵਿੱਚ ਫ਼ਸਲ ਦੀ ਆਮਦ ਖ਼ਤਮ ਹੋ ਗਈ ਹੈ, ਜਦਕਿ ਪੰਜਾਬ ਦੀਆਂ ਮੰਡੀਆਂ ਵਿੱਚ ਅੱਜ ਵੀ 4.24 ਲੱਖ ਟਨ ਝੋਨੇ ਦੀ ਆਮਦ ਹੋਈ ਹੈ। ਖੇਤੀ ਮੰਤਰੀ ਨੇ ਮੰਡੀ ਬੋਰਡ ਨੂੰ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਐਤਕੀਂ ਝੋਨੇ ਦੀ ਫ਼ਸਲ ਲੇਟ ਹੋਣ ਕਰ ਕੇ ਮੰਡੀਆਂ ਵਿੱਚ ਹਾਲੇ ਵੀ ਫ਼ਸਲ ਦਾ ਕੰਮ ਚੱਲ ਰਿਹਾ ਹੈ। ਜੇ ਮੰਡੀਆਂ ਬੰਦ ਕਰ ਦਿੱਤੀਆਂ ਗਈਆਂ ਤਾਂ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਆਰਜ਼ੀ ਖ਼ਰੀਦ ਕੇਂਦਰ ਬੰਦ ਕੀਤੇ ਗਏ ਸਨ ਜਿਨ੍ਹਾਂ ਵਿੱਚ ਫ਼ਸਲ ਦੀ ਆਮਦ ਨਹੀਂ ਹੋਈ ਸੀ। ਚੇਤੇ ਰਹੇ ਕਿ ਪਿਛਲੇ ਸੀਜ਼ਨ ਵਿਚ ਵੀ ਸਮੇਂ ਤੋਂ ਪਹਿਲਾਂ ਹੀ ਖ਼ਰੀਦ ਕੇਂਦਰ ਬੰਦ ਕਰ ਦਿੱਤੇ ਗਏ ਸਨ ਜਿਸ ਕਰਕੇ ਰੌਲਾ ਵੀ ਪਿਆ ਸੀ। ਐਤਕੀਂ ਝੋਨੇ ਦਾ ਸੀਜ਼ਨ ਅਕਤੂਬਰ ਦੇ ਅੱਧ ਮਗਰੋਂ ਹੀ ਸ਼ੁਰੂ ਹੋਇਆ ਸੀ ਤੇ ਝੋਨੇ ਦੀ ਵਾਢੀ 14 ਫ਼ੀਸਦੀ ਬਾਕੀ ਪਈ ਹੈ।