ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਕਤੂਬਰ
ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐੱਨਓਸੀ ਦੀ ਲੋੜ ਨਹੀਂ ਹੋਵੇਗੀ। ਇਸ ਸਬੰਧੀ ਕਾਨੂੰਨੀ ਸਲਾਹਕਾਰ ਤੇ ਹੋਰ ਲੋੜੀਂਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਮਗਰੋਂ ਨੋਟੀਫ਼ਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਸ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਤੇ ਪੁੱਡਾ ਦੇ ਸੀਏ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਡਾਇਰੈਕਟਰ ਨੀਰੂ ਕਤਿਆਲ ਗੁਪਤਾ ਵੀ ਮੌਜੂਦ ਸਨ। ਮੁੰਡੀਆਂ ਨੇ ਕਿਹਾ ਕਿ ਐੱਨਓਸੀ ਦੀ ਲੋੜ ਖ਼ਤਮ ਕਰਨ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਏ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਕਾਨੂੰਨ 2024 ਨੂੰ ਹੁਣ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਗਈ ਹੈ। ਕਾਨੂੰਨੀ ਮਸ਼ੀਰ ਤੇ ਹੋਰ ਲੋੜੀਂਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਮਗਰੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ।