ਪੱਤਰ ਪ੍ਰੇਰਕ
ਚੰਡੀਗੜ੍ਹ, 6 ਅਗਸਤ
ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸੰਯੁਕਤ ਮੰਚ ਦੇ ਸੱਦੇ ’ਤੇ ਦੇਸ਼ ਭਰ ਦੇ ਐੱਨਪੀਐੱਸ ਮੁਲਾਜ਼ਮ 10 ਅਗਸਤ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਤੋਂ ਸੰਸਦ ਵੱਲ ਰੋਸ ਮਾਰਚ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ਮੰਚ ਵੱਲੋਂ ਦਿੱਤੇ ਗਏ ਸੱਦੇ ਤਹਿਤ ਵੱਖ-ਵੱਖ ਸੂਬਿਆਂ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਐੱਨਪੀਐੱਸ ਮੁਲਾਜ਼ਮ ਵੱਡਾ ਕਾਫ਼ਲਾ ਲੈ ਕੇ ਪਹੁੰਚਣਗੇ। ਕੋ-ਕਨਵੀਨਰ ਅਜੀਤਪਾਲ ਸਿੰਘ ਜੱਸੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅਦਾਰੇ ਪੀਐੱਫਆਰਡੀਏ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਵਿੱਚ ਲਾਏ ਜਾ ਰਹੇ ਅੜਿੱਕਿਆਂ ਕਾਰਨ ਦੇਸ਼ ਭਰ ਦੇ ਐੱਨਪੀਐੱਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।