ਜਗਜੀਤ ਕੁਮਾਰ
ਖਮਾਣੋਂ, 24 ਨਵੰਬਰ
ਖਮਾਣੋਂ ਵਿੱਚ ਅੱਜ ਐੱਨਪੀਐੱਸ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ। ਇਸ ਮੌਕੇ ਜ਼ਿਲ੍ਹਾ ਕਨਵੀਨਰ ਸਤਨਾਮ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤਕ ਵਫ਼ਾ ਨਹੀਂ ਹੋਇਆ। ਕਾਂਗਰਸ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਲਵਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਸਮਿਆਂ ਵਿੱਚ ਹਰ ਨੌਜਵਾਨ ਪੜ੍ਹ-ਲਿਖ ਕੇ ਨੌਕਰੀ ਇਸ ਲਈ ਕਰਨਾ ਚਾਹੁੰਦਾ ਸੀ ਕਿ ਇਸ ਨਾਲ ਉਮਰ ਭਰ ਨੌਕਰੀ ਕਰਨ ਤੋਂ ਬਾਅਦ ਪੈਨਸ਼ਨ ਬੁਢਾਪੇ ਨੂੰ ਸੁਰੱਖਿਅਤ ਕਰਦੀ ਸੀ ਪਰ ਜਦੋਂ ਤੋਂ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ, ਉਦੋਂ ਤੋਂ ਨੌਜਵਾਨ ਵਰਗ ਦਾ ਪੜ੍ਹਾਈ ਤੋਂ ਮਨ ਮੁੜ ਗਿਆ ਹੈ ਵਿਦੇਸ਼ਾਂ ਵੱਲ ਰੁਖ਼ ਕੀਤਾ ਜਾ ਰਿਹਾ ਹੈ। ਇਹ ਪੰਜਾਬ ਦੇ ਭਵਿੱਖ ਲਈ ਘਾਤਕ ਹੈ। ਆਗੂਆਂ ਨੇ ਦੱਸਿਆ ਕਿ 24 ਨਵੰਬਰ ਤੋਂ ਪੰਜ ਦਸੰਬਰ ਤਕ ਜ਼ਿਲ੍ਹੇ ਵਿੱਚ ਆਉਣ ਵਾਲੇ ਸੱਤਾਧਾਰੀ ਪਾਰਟੀ ਦੇ ਹਰ ਆਗੂ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ। ਪੰਜ ਦਸੰਬਰ ਨੂੰ ਮੋਰਿੰਡਾ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।