ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਗਸਤ
ਆਲ ਇੰਡੀਆ ਜਾਟ ਮਹਾ ਸਭਾ ਪੰਜਾਬ ਨੇ ਪੰਜਾਬ ਸਰਕਾਰ ਦੇ ਢਾਈ ਏਕੜ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਪੰਜ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਸੂਬਾ ਪ੍ਰਧਾਨ ਹਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੱਟਾਂ ਦੇ ਭਵਿੱਖ ਲਈ ਗੱਲਾਂ ਤਾਂ ਬਹੁਤ ਵੱਡੀਆਂ ਕੀਤੀਆਂ ਜਾ ਰਹੀਆਂ ਹਨ ਪਰ ਜੱਟਾਂ ਨੂੰ ਮੁਸ਼ਕਿਲ ਸਮੇਂ ਵਿੱਚ ਗੁਜ਼ਾਰਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ’ਚ ਅੱਠ ਲੱਖ ਤੋਂ ਘੱਟ ਆਮਦਨ ਵਾਲੇ ਜੱਟਾਂ ਨੂੰ ਓਬੀਸੀ ਅਧੀਨ ਰਾਖਵਾਂਕਰਨ ਦਿੱਤਾ ਜਾਵੇ। ਇਸ ਬਾਰੇ ਮੁੱਖ ਮੰਤਰੀ ਨਾਲ ਗੱਲ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਪੀਣ ਵਾਲਾ ਪਾਣੀ ਮੁਫ਼ਤ ਦਿੱਤਾ ਜਾਵੇ। ਇਸ ਦੇ ਨਾਲ ਹੀ ਬਿਜਲੀ ਦੇ 300 ਯੂਨਿਟ ਮੁਫ਼ਤ ਦਿੱਤੇ ਜਾਣ ਅਤੇ ਅਗਲੇ ਯੂਨਿਟਾਂ ਦੀ ਕੀਮਤ ਘਟਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਤਿੰਨ ਜ਼ਿਲ੍ਹਾ ਪ੍ਰਧਾਨ ਐਲਾਨੇ
ਆਲ ਇੰਡੀਆ ਜਾਟ ਮਹਾ ਸਭਾ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਨੇ ਸ਼ਾਮਾ ਸਰਨ ਨੂੰ ਜਨਰਲ ਸਕੱਤਰ ਪੰਜਾਬ, ਪ੍ਰਸ਼ਾਂਤ ਕੁਮਾਰ ਨੂੰ ਫਾਜ਼ਿਲਕਾ ਦਾ, ਸੂਰਤ ਸਿੰਘ ਨੂੰ ਬਰਨਾਲਾ, ਭੁਪਿੰਦਰ ਸਿੰਘ ਨੂੰ ਮਾਨਸਾ ਦਾ ਜ਼ਿਲ੍ਹਾ ਪ੍ਰਧਾਨ ਐਲਾਨਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਰਹਿੰਦੀ ਕਾਰਜਕਾਰਨੀ ਨੂੰ ਜਲਦੀ ਪੂਰਾ ਕੀਤਾ ਜਾਵੇਗਾ।