ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਜਨਵਰੀ
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਖ਼ਿਲਾਫ਼ ਭਾਜਪਾ ਆਗੂਆਂ ਤੇ ਮੰਤਰੀਆਂ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ’ਤੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਸ੍ਰੀ ਧਾਲੀਵਾਲ ਨੇ ਆਖਿਆ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵੱਲੋਂ ਨਿਰੰਤਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਕਿਸਾਨਾਂ ਨੇ ਧਰਨਾ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ 12 ਦਸੰਬਰ ਨੂੰ ਆਖਿਆ ਸੀ ਕਿ ਕਿਸਾਨ ਅੰਦੋਲਨ ਵਿੱਚ ਕਿਸਾਨ ਹਿੱਤਾਂ ਦੀ ਗੱਲ ਨਹੀਂ ਹੋ ਰਹੀ ਤੇ ਇਸ ਵਿੱਚ ਵਿਦੇਸ਼ੀ ਤਾਕਤਾਂ ਦਾਖ਼ਲ ਹੋ ਰਹੀਆਂ ਹਨ। ਉਨ੍ਹਾਂ ਖਾਲਿਸਤਾਨ ਅਤੇ ਸ਼ਰਜੀਲ ਇਮਾਮ ਦੇ ਪੋਸਟਰ ਲਾਏ ਜਾਣ ਦੀ ਗੱਲ ਵੀ ਆਖੀ ਸੀ। ਸ੍ਰੀ ਧਾਲੀਵਾਲ ਨੇ ਆਖਿਆ ਕਿ ਇਸ ਬਿਆਨ ਨਾਲ ਉਨ੍ਹਾਂ ਸਮੇਤ ਹੋਰ ਕਈ ਕਿਸਾਨਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਇਸੇ ਲਈ ਕੇਂਦਰੀ ਮੰਤਰੀ ਗਿਰੀਰਾਜ ਨੂੰ ਅੱਜ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਕੇਂਦਰੀ ਮੰਤਰੀ ਨੂੰ 7 ਦਿਨਾਂ ਵਿੱਚ ਆਪਣਾ ਬਿਆਨ ਵਾਪਸ ਲੈਣ ਅਤੇ ਅੰਦੋਲਨ ਕਰ ਰਹੇ ਕਿਸਾਨਾਂ ਕੋਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਕੇਂਦਰੀ ਮੰਤਰੀ ਨੇ ਇਸ ਨੋਟਿਸ ’ਤੇ ਅਮਲ ਨਾ ਕੀਤਾ ਤਾਂ ਉਹ ਨਿਆਂ ਲੈਣ ਵਾਸਤੇ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।