ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਪਰੈਲ
ਸੂਬੇ ਦੇ ਪੇਂਡੂ ਖੇਤਰਾਂ ਵਿਚਲੇ ਘਰਾਂ ਨੂੰ ਸਾਫ਼ ਤੇ ਪੀਣ-ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਰੀਆਂ ਪਾਣੀ ਵਾਲੀਆਂ ਟੈਂਕੀਆਂ ਦੀ ਸਮੇਂ ਸਿਰ ਸਫਾਈ ਯਕੀਨੀ ਬਣਾਈ ਜਾਵੇ।
ਇੱਥੇ ਮਗਸੀਪਾ ਦਫਤਰ ਸੈਕਟਰ-26 ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਨੂੰ ਟੂਟੀ ਵਾਲਾ ਸਾਫ ਤੇ ਪੀਣ-ਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਜਲ ਸਪਲਾਈ ਦੇ ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟਾਂ ਨੂੰ ਤਿਆਰ ਕਰਨ ਅਤੇ ਲਾਗੂ ਕਰਨ ਸਮੇਂ ਸਥਾਨਕ ਵਿਧਾਇਕਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ। ਗਰਮੀਆਂ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਵੱਧ ਮੰਗ ਦੀ ਪੂਰਤੀ ਦੇ ਮੱਦੇਨਜ਼ਰ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਗਰਮੀ ਦੇ ਦਿਨਾਂ ਵਿੱਚ ਪਾਣੀ ਦੀ ਸਪਲਾਈ ਦੀ ਕਮੀ ਨਾਲ ਨਜਿੱਠਣ ਲਈ ਵਾਧੂ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।