ਪਟਿਆਲਾ (ਖੇਤਰੀ ਪ੍ਰਤੀਨਿਧ): ਨਿਗਮ ਚੋਣਾਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਆ ਰਿਹਾ ਹੈ। ਇੱਥੋਂ ਤੱਕ ਕਿ ਇਹ ਮਾਮਲਾ ਅਦਾਲਤ ਵੀ ਪੁੱਜ ਗਿਆ ਸੀ ਜਿਸ ਦੌਰਾਨ ਹਾਈ ਕੋਰਟ ਵੱਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਨੂੰ ਕੇਵਲ 10 ਦਿਨਾਂ ਦੇ ਅੰਦਰ ਚੋਣਾਂ ਸਬੰਧੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਸੀ। ਇਸ ਖਿਲਾਫ਼ ਜਦੋਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਉੱਚ ਅਦਾਲਤ ਤੋਂ ਸਰਕਾਰ ਨੂੰ ਦੋ ਹਫ਼ਤਿਆਂ ਅੰਦਰ ਪ੍ਰਕਿਰਿਆ ਸ਼ੁਰੂ ਕਰਨ ਲਈ ਆਖਿਆ ਗਿਆ ਜਿਸ ’ਤੇ ਹੁਣ ਬਾਕਾਇਦਾ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਦੇ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਸੁਧਾਈ ਲਈ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਸਬੰਧੀ ਕਮਿਸ਼ਨ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਜਾਰੀ ਕੀਤੇ ਹਨ। ਇਸ ਦੀ ਪੁਸ਼ਟੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰ੍ੀਤੀ ਯਾਦਵ ਨੇ ਕੀਤੀ ਹੈ।