ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਅਕਤੂਬਰ
ਕੌਮਾਂਤਰੀ ਬਜ਼ੁਰਗ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਚ ਕਰਵਾਇਆ ਗਿਆ। ਇਸ ਮੌਕੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਬਿਰਧ ਘਰ ਬਣਾਏ ਜਾਣਗੇ। ਉਨ੍ਹਾਂ ਨੇ ਬਜ਼ੁਰਗਾਂ ਵਿੱਚ ਇਕੱਲਤਾ ਨੂੰ ਦੂਰ ਕਰਨ ਲਈ ਪਿੰਡ ਦੇ ਸੱਥ ਸੰਕਲਪ ਨੂੰ ਸ਼ਹਿਰੀ ਖੇਤਰਾਂ ਵਿੱਚ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬਿਰਧ ਘਰਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮਾਂ ਲਈ ਨਵੀਆਂ ਇਮਾਰਤਾਂ ਵੀ ਬਣਨਗੀਆਂ। ਡਾਇਰੈਕਟਰ ਨੇ ਕਿਹਾ ਕਿ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਨੇ ਟੌਲ-ਫਰੀ ਹੈਲਪਲਾਈਨ ਨੰਬਰ 14567 ਸ਼ੁਰੂ ਕੀਤਾ ਹੈ।