ਚਰਨਜੀਤ ਭੁੱਲਰ
ਚੰਡੀਗੜ੍ਹ, 20 ਜੁਲਾਈ
ਪੰਜਾਬ ਸਰਕਾਰ ਵੱਲੋਂ ਅਯੋਗ ਬੁਢਾਪਾ ਪੈਨਸ਼ਨ ਲੈਣ ਵਾਲੇ ਬਜ਼ੁਰਗਾਂ ਵੱਲ 162.35 ਕਰੋੜ ਰੁਪਏ ਦੇ ਬਕਾਏ ਕੱਢ ਦਿੱਤੇ ਗਏ ਹਨ ਜਿਨ੍ਹਾਂ ਨੂੰ ਹੁਣ ਪੈਨਸ਼ਨ ਦਾ ਪੈਸਾ ਵਾਪਸ ਮੋੜਨਾ ਪਵੇਗਾ। ਕੈਪਟਨ ਸਰਕਾਰ ਵੱਲੋਂ ਗੱਠਜੋੜ ਸਰਕਾਰ ਮੌਕੇ ਲੱਗੀਆਂ ਬੁਢਾਪਾ ਪੈਨਸ਼ਨਾਂ ਦੀ ਪੜਤਾਲ ਕਰਾਈ ਗਈ ਸੀ। ਸਰਕਾਰੀ ਪੜਤਾਲ ’ਚ 70,137 ਲਾਭਪਾਤਰੀ ਅਯੋਗ ਪਾਏ ਗਏ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਪੜਤਾਲ ’ਤੇ ਯਕੀਨ ਕਰੀਏ ਤਾਂ ਸਰਕਾਰੀ ਖ਼ਜ਼ਾਨੇ ਨੂੰ 162.35 ਕਰੋੜ ਦਾ ਚੂਨਾ ਲੱਗਿਆ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਕੀਤੀ ਪੜਤਾਲ ’ਚ ਪੰਜਾਬ ਭਰ ਵਿਚ 70,137 ਅਯੋਗ ਲਾਭਪਾਤਰੀ ਨਿਕਲੇ ਸਨ। ਪੰਜਾਬ ਸਰਕਾਰ ਨੇ ਹੁਣ ਤਿੰਨ ਵਰ੍ਹਿਆਂ ਮਗਰੋਂ ਅਯੋਗ ਪੈਨਸ਼ਨ ਲੈਣ ਵਾਲੇ ਬਜ਼ੁਰਗਾਂ ਤੋਂ ਵਸੂਲੀ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਇਸ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਸਰਕਾਰੀ ਫ਼ੈਸਲੇ ਅਨੁਸਾਰ ਹਰ ਜ਼ਿਲ੍ਹੇ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੀ ਅਗਵਾਈ ਵਿਚ ਇੱਕ ਜ਼ਿਲ੍ਹਾ ਪੱਧਰੀ ਕਮੇਟੀ ਬਣੇਗੀ ਜਿਸ ਵੱਲੋਂ ਹਰ 15 ਦਿਨਾਂ ਮਗਰੋਂ ਰਿਕਵਰੀ ਦੀ ਸਮੀਖਿਆ ਕੀਤੀ ਜਾਵੇਗੀ। ਪੜਤਾਲ ਦੌਰਾਨ ਜੋ ਘੱਟ ਉਮਰ ਕਾਰਨ ਅਯੋਗ ਪਾਏ ਗਏ ਹਨ, ਉਨ੍ਹਾਂ ਦੀ ਉਮਰ ਦੇ ਸਬੂਤਾਂ ਨੂੰ ਘੋਖਣ ਮਗਰੋਂ ਜ਼ਿਲ੍ਹਾ ਕਮੇਟੀ ਰਿਕਵਰੀ ਦਾ ਫ਼ੈਸਲਾ ਕਰੇਗੀ। ਜਿਨ੍ਹਾਂ ਲਾਭਪਾਤਰੀਆਂ ਨੇ ਆਪਣੀ ਆਮਦਨ ਦੇ ਸਰੋਤ ਛੁਪਾ ਕੇ ਬੁਢਾਪਾ ਪੈਨਸ਼ਨ ਲਗਵਾ ਲਈ ਸੀ, ਉਨ੍ਹਾਂ ਤੋਂ ਪੈਨਸ਼ਨ ਦੀ ਰਾਸ਼ੀ ਵਸੂਲ ਕੀਤੀ ਜਾਵੇਗੀ। ਪੜਤਾਲ ’ਚ ਜੋ ਵੱਧ ਜ਼ਮੀਨ ਵਾਲੇ ਲਾਭਪਾਤਰੀ ਅਯੋਗ ਪਾਏ ਗਏ ਹਨ, ਉਨ੍ਹਾਂ ਤੋਂ ਭੌਂ ਮਾਲੀਆ ਐਕਟ ਤਹਿਤ ਵਸੂਲੀ ਕੀਤੀ ਜਾਵੇਗੀ। ਪੜਤਾਲ ਨੇ ਗ਼ਲਤ ਤਰੀਕੇ ਨਾਲ ਲੱਗੀਆਂ ਅਯੋਗ ਪੈਨਸ਼ਨਾਂ ਤੋਂ ਪਰਦਾ ਚੁੱਕ ਦਿੱਤਾ ਹੈ। ਸਿਆਸੀ ਤੌਰ ’ਤੇ ਇਹ ਮਾਮਲਾ ਤੂਲ ਫੜ ਸਕਦਾ ਹੈ। ਆਉਂਦੇ ਦਿਨਾਂ ਵਿਚ ਅਯੋਗ ਕੇਸਾਂ ਨੂੰ ਵਸੂਲੀ ਨੋਟਿਸ ਜਾਰੀ ਹੋਣੇ ਸ਼ੁਰੂ ਹੋਣਗੇ। ਵੇਰਵਿਆਂ ਅਨੁਸਾਰ ਹਰ ਅਯੋਗ ਲਾਭਪਾਤਰੀ ਨੂੰ ਔਸਤਨ 23,137 ਰੁਪਏ ਸਰਕਾਰ ਨੂੰ ਵਾਪਸ ਕਰਨੇ ਹੋਣਗੇ। ਅਯੋਗ ਕੇਸਾਂ ਦੀ ਗਿਣਤੀ ਦੇਖੀਏ ਤਾਂ ਸਭ ਤੋਂ ਵੱਧ ਜ਼ਿਲ੍ਹਾ ਸੰਗਰੂਰ ਵਿਚ 12,573 ਅਯੋਗ ਪੈਨਸ਼ਨਾਂ ਪਾਈਆਂ ਗਈਆਂ ਹਨ ਜਿਨ੍ਹਾਂ ਤੋਂ 26.63 ਕਰੋੜ ਰੁਪਏ ਦੀ ਵਾਪਸੀ ਹੋਵੇਗੀ। ਸੰਗਰੂਰ ਜ਼ਿਲ੍ਹੇ ਦੇ ਹਰ ਅਯੋਗ ਲਾਭਪਾਤਰੀ ਨੂੰ ਔਸਤਨ 21,184 ਰੁਪਏ ਪ੍ਰਤੀ ਕੇਸ ਵਾਪਸ ਕਰਨੇ ਪੈਣਗੇ। ਦੂਜਾ ਨੰਬਰ ਜ਼ਿਲ੍ਹਾ ਬਠਿੰਡਾ ਦਾ ਹੈ ਜਿੱਥੇ 8,762 ਕੇਸ ਅਯੋਗ ਪਾਏ ਗਏ ਹਨ ਤੇ 17 ਕਰੋੜ ਦੀ ਵਸੂਲੀ ਕੀਤੀ ਜਾਣੀ ਹੈ। ਇਹ ਔਸਤਨ ਪ੍ਰਤੀ ਕੇਸ 19,401 ਰੁਪਏ ਬਣਦੀ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਹੈ ਜਿੱਥੇ 19.95 ਕਰੋੜ ਵਸੂਲਿਆ ਜਾਣਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 15.70 ਕਰੋੜ ਰੁਪਏ, ਮਾਨਸਾ ਤੋਂ 18.87 ਕਰੋੜ ਰੁਪਏ ਵਸੂਲੇ ਜਾਣੇ ਹਨ। ਦੱਸਣਯੋਗ ਹੈ ਕਿ ਪੰਜਾਬ ਵਿਚ ਚਾਰ ਤਰ੍ਹਾਂ ਦੀਆਂ ਪੈਨਸ਼ਨਾਂ ਦੇ 25 ਲੱਖ ਲਾਭਪਾਤਰੀ ਹਨ ਜਿਨ੍ਹਾਂ ਚੋਂ ਕਰੀਬ 16 ਲੱਖ ਲਾਭਪਾਤਰੀ ਬੁਢਾਪਾ ਪੈਨਸ਼ਨ ਲੈ ਰਹੇ ਹਨ। ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਤਹਿਤ ਹੁਣ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। 58 ਸਾਲ ਦੀ ਔਰਤ ਅਤੇ 65 ਸਾਲ ਦਾ ਪੁਰਸ਼ ਇਸ ਪੈਨਸ਼ਨ ਲਈ ਯੋਗ ਹੈ ਜਿਨ੍ਹਾਂ ਦੀ ਸਾਲਾਨਾ ਆਮਦਨ 60 ਹਜ਼ਾਰ ਤੋਂ ਹੇਠਾਂ ਹੋਣੀ ਲਾਜ਼ਮੀ ਹੈ।
ਅਯੋਗ ਕੇਸਾਂ ਨੂੰ ਵਸੂਲੀ ਨੋਟਿਸ ਦਿਆਂਗੇ: ਵਿਸ਼ੇਸ਼ ਸਕੱਤਰ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਵਿਸ਼ੇਸ਼ ਸਕੱਤਰ ਰਾਜ਼ੀ ਪੀ. ਸ੍ਰੀਵਾਸਤਵ ਦਾ ਕਹਿਣਾ ਸੀ ਕਿ ਪੜਤਾਲ ’ਚ ਅਯੋਗ ਪਾਏ ਗਏ ਲਾਭਪਾਤਰੀਆਂ ਤੋਂ ਨਿਯਮਾਂ ਅਨੁਸਾਰ ਵਸੂਲੀ ਕੀਤੀ ਜਾਵੇਗੀ। ਪਹਿਲੇ ਪੜਾਅ ’ਤੇ ਰਿਕਵਰੀ ਨੋਟਿਸ ਦਿੱਤੇ ਜਾਣਗੇ। ਅਯੋਗ ਲਾਭਪਾਤਰੀਆਂ ਦੀ ਪੈਨਸ਼ਨ ਪਹਿਲਾਂ ਹੀ ਬੰਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਤਰਫ਼ੋਂ ਜੂਨ ਮਹੀਨੇ ਤੱਕ ਦੀ ਬੁਢਾਪਾ ਪੈਨਸ਼ਨ ਵੰਡ ਦਿੱਤੀ ਗਈ ਹੈ ਅਤੇ ਕੋਈ ਬੈਕਲਾਗ ਨਹੀਂ ਹੈ।