ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਨਵੰਬਰ
ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਅੱਜ ਅਕਾਲੀ ਦਲ(ਅੰਮ੍ਰਿਤਸਰ) ਦੇ ਕਾਰਕੁਨਾਂ ਨੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘ ਵਾਲਾ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਸਮੂਹ ਨੇੜੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਰੋਸ ਵਿਖਾਵਾ ਕੀਤਾ। ਸਿੱਖ ਕਾਰਕੁਨਾਂ ਨੇ ਹੱਥਾਂ ਵਿੱਚ ਤਖ਼ਤੀਆਂ, ਪੋਸਟਰ ਤੇ ਬੈਨਰ ਚੁੱਕੇ ਹੋਏ ਸਨ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਮੀਡੀਆ ਨਾਲ ਗੱਲ ਕਰਦਿਆਂ ਜਸਕਰਨ ਸਿੰਘ ਨੇ ਆਖਿਆ ਕਿ ਆਪਣੀ ਮੌਜੂਦਾ ਮਿਆਦ ਪੁਗਾ ਚੁੱਕੀ ਸ਼੍ਰੋਮਣੀ ਕਮੇਟੀ ਦੇ ਹਾਕਮਾਂ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਖ਼ਿਲਾਫ਼ ਜਾ ਕੇ ਇਸ ਦੇ ਪ੍ਰਬੰਧ ਚਲਾਉਣ ਅਤੇ ਇਤਿਹਾਸਕ ਦਿਹਾੜੇ ਮਨਾਉਣ ਦੀ ਗੱਲ ਕਰਨ। ਉਨ੍ਹਾਂ ਦੋਸ਼ ਲਾਇਆ ਕਿ 328 ਪਾਵਨ ਸਰੂਪ ਸਾਜ਼ਿਸ਼ ਤਹਿਤ ਲਾਪਤਾ ਕੀਤੇ ਗਏ ਹਨ, ਜਿਨ੍ਹਾਂ ਬਾਰੇ ਹੁਣ ਤਕ ਸਿੱਖ ਕੌਮ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਕਮਾਂ ’ਤੇ ਸਿੱਖ ਕੌਮ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਸੰਸਥਾ ਦੇ ਹਰ ਖੇਤਰ ਵਿੱਚ ਵੱਡੇ ਘਪਲੇ ਹੋ ਰਹੇ ਹਨ, ਸਿੱਖ ਸਿਧਾਂਤਾਂ ਤੇ ਨਿਯਮਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਗੋਲਕ ਤੇ ਖਜ਼ਾਨਿਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਸਥਾਪਨਾ ਸਮਾਗਮ ਵਿੱਚ ਪੁੱਜੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਆਗੂਆਂ ਨੇ ਦੋਸ਼ ਲਾਇਆ ਕਿ ਅੱਜ ਸਮਾਗਮ ਵਿੱਚ ਉਨ੍ਹਾਂ ਨੂੰ ਆਪਣੇ ਵਿਚਾਰ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਆਗੂਆਂ ਨੂੰ ਸ਼ਤਾਬਦੀ ਸਮਾਗਮ ਮਨਾਉਣ ਦਾ ਕੋਈ ਹੱਕ ਨਹੀਂ: ਬ੍ਰਹਮਪੁਰਾ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਸਿੱਖ ਕੌਮ ਦਾ ਵਿਸ਼ਵਾਸ ਗੁਆ ਚੁੱਕੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੂੰ ਸ਼ਤਾਬਦੀ ਸਮਾਗਮ ਮਨਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਤੋਂ ਕਿਨਾਰਾ ਕਰ ਚੁੱਕੇ ਹਨ ਅਤੇ ਇਹ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਪਰਿਵਾਰਵਾਦ ਨੂੰ ਉਤਸ਼ਾਹਿਤ ਕਰਨ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਾਉਣ ਵਿੱਚ ਵੀ ਬਾਦਲਾਂ ਵੱਲੋਂ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ।