ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਜਨਵਰੀ
ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਅਤੇ ਦੀਪਮਾਲਾ ਵੀ ਕੀਤੀ ਗਈ। ਕੈਲੰਡਰ ਵਿਵਾਦ ਕਾਰਨ ਇਸ ਵਰ੍ਹੇ ਇਹ ਪ੍ਰਕਾਸ਼ ਪੁਰਬ ਦੋ ਵਾਰ ਮਨਾਇਆ ਜਾਵੇਗਾ।
ਅੱਜ ਗੁਰਪੁਰਬ ਮੌਕੇੇ ਵੱਡੀ ਗਿਣਤੀ ਵਿੱਚ ਸੰਗਤ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ। ਗੁਰਪੁਰਬ ਦੇ ਮੱਦੇਨਜ਼ਰ ਸੰਗਤ ਸੁਵਖ਼ਤੇ ਹੀ ਦਰਬਾਰ ਸਾਹਿਬ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਥੇ ਸਾਰਾ ਦਿਨ ਹੀ ਸਜੇ ਧਾਰਮਿਕ ਦੀਵਾਨ ਵਿੱਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਗੁਰਬਾਣੀ ਅਤੇ ਗੁਰ ਇਤਿਹਾਸ ਸਰਵਣ ਕਰਾਇਆ। ਸ਼ਾਮ ਵੇਲੇ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਵੀ ਚਲਾਈ ਗਈ। ਦੱਸਣਯੋਗ ਹੈ ਕਿ ਕੈਲੰਡਰ ਵਿਵਾਦ ਕਾਰਨ ਇਸ ਵਾਰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸਾਲ ਵਿੱਚ ਦੋ ਵਾਰ ਮਨਾਇਆ ਜਾਵੇਗਾ। ਇਕ ਵਾਰ ਅੱਜ 9 ਜਨਵਰੀ ਨੂੰ ਮਨਾਇਆ ਗਿਆ ਹੈ ਅਤੇ ਦੂਜੀ ਵਾਰ 29 ਦਸੰਬਰ ਨੂੰ ਮਨਾਇਆ ਜਾਵੇਗਾ। ਅਜਿਹਾ ਨਾਨਕਸ਼ਾਹੀ ਕੈਲੰਡਰ ਵਿੱਚ ਕੀਤੀ ਸੋਧ ਮਗਰੋਂ ਹੋ ਰਿਹਾ ਹੈ।
ਤਲਵੰਡੀ ਸਾਬੋ, (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਦਾ ਅਵਤਾਰ ਪੁਰਬ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੂਰਨ ਸ਼ਰਧਾ ਨਾਲ ਮਨਾਇਆ ਗਿਆ। ਅਵਤਾਰ ਦਿਹਾੜੇ ਦੇ ਸਬੰਧ ਵਿੱਚ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਪ੍ਰਕਾਸ਼ ਕੀਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਵਿਖਿਆਨ ਕੀਤਾ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਦੀ ਗੈਰਹਾਜ਼ਰੀ ਵਿੱਚ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸੰਗਤ ਨੂੰ ਨਸ਼ਿਆਂ ਤੇ ਪਤਿਤਪੁਣੇ ਦਾ ਤਿਆਗ ਕਰਕੇ ਸ਼ਬਦ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਦੇਸ਼ ਵਿਦੇਸ਼ ਦੀ ਸਮੂਹ ਸੰਗਤ ਨੂੰ ਅਵਤਾਰ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਕਾਕਾ ਸਿੰਘ ਨੇ ਵੀ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ।
ਸ੍ਰੀ ਹੇਮਕੁੰਟ ਸਾਹਿਬ ਟਰਸਟ ਨੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ੍ਰੀ ਹੇਮਕੁੰਟ ਸਾਹਿਬ ਟਰਸਟ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਰਿਸ਼ੀਕੇਸ਼ ਸਥਿਤ ਗੁਰਦੁਆਰੇ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਟਰਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਉਨ੍ਹਾਂ ਦੱਸਿਆ ਕਿ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾ ਮੁਕਤ) ਨੇ ਅੱਜ ਇਥੇ ਸਮਾਗਮ ਵਿੱਚ ਸ਼ਾਮਲ ਹੋਣਾ ਸੀ, ਪਰ ਕਰੋਨਾ ਦੀ ਮੌਜੂਦਾ ਸਥਿਤੀ ਕਾਰਨ ਉਹ ਨਹੀਂ ਪੁੱਜ ਸਕੇ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਅੱਜ ਇੱਥੇ ਮੱਥਾ ਟੇਕਿਆ। ਇਸ ਸਬੰਧੀ ਲੰਗਰ ਵੀ ਲਾਇਆ ਤੇ ਰਾਤ ਨੂੰ ਦੀਪਮਾਲਾ ਵੀ ਕੀਤੀ ਗਈ। ਗੁਰਪੁਰਬ ਮੌਕੇ ਵਿਧਾਨ ਸਭਾ ਦੇ ਸਪੀਕਰ ਪ੍ਰੇਮ ਚੰਦ ਅਗਰਵਾਲ, ਮੇਅਰ ਅਨੀਤਾ ਮਮਗਈ, ਮਹੰਤ ਰਾਮ ਸਿੰਘ, ਸੰਤ ਯੋਧ ਸਿੰਘ ਤੇ ਹੋਰ ਪਤਵੰਤੇ ਮੱਥਾ ਟੇਕਣ ਪਹੁੰਚੇ।