ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਜੂਨ
ਪਾਕਿਸਤਾਨ ਹਾਈ ਕਮਿਸ਼ਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ 495 ਭਾਰਤੀ ਯਾਤਰੂਆਂ ਨੂੰ ਵੀਜ਼ੇ ਦਿੱਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਵੀ 266 ਸ਼ਰਧਾਲੂ ਸ਼ਾਮਲ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ ਟਵੀਟ ਰਾਹੀਂ ਦੱਸਿਆ ਕਿ ਇਸ ਸਬੰਧੀ ਸਿੱਖ ਸ਼ਰਧਾਲੂਆਂ ਦਾ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ 30 ਜੂਨ ਨੂੰ ਭਾਰਤ ਪਰਤੇਗਾ। ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 266 ਸ਼ਰਧਾਲੂਆਂ ਲਈ ਵੀਜ਼ੇ ਮਿਲੇ ਹਨ। ਜਦਕਿ ਸਿੱਖ ਸੰਸਥਾ ਵਲੋਂ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਵਾਸਤੇ ਭੇਜੇ ਗਏ ਸਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਬਰਸੀ ਸਮਾਗਮ ਮੌਕੇ ਜਾਣ ਲਈ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਮਗਰੋਂ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ। ਇਥੇ ਦਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਕਾਰਨ ਸ਼੍ਰੋਮਣੀ ਕਮੇਟੀ ਨੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਭੇਜਿਆ ਸੀ।