ਆਤਿਸ਼ ਗੁਪਤਾ
ਚੰਡੀਗੜ੍ਹ, 7 ਜਨਵਰੀ
ਪੰਜਾਬ ਦੇ ਸਿੱਖਿਆ ਵਿਭਾਗ ਦੇ ਆਦੇਸ਼ਾਂ ‘ਤੇ ਅੱਜ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ। ਪਹਿਲੇ ਦਿਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਹੈ, ਜਦਕਿ ਪਟਿਆਲਾ ਦੇ ਮਲਟੀਪਰਪਜ਼ ਸਕੂਲ ਵਿੱਚ ਬੱਚਿਆਂ ਦੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਪ੍ਰਾਈਮਰੀ ਸਕੂਲਾਂ ਵਿੱਚ ਵਿਦਿਆਰਥੀ 10 ਫੀਸਦ ਹਾਜ਼ਰ ਰਹੇ ਜਦਕਿ 6ਵੀ ਤੋਂ 8 ਵੀ ਤੱਕ ਦੇ ਵਿਦਿਆਰਥੀਆਂ ਦੀ ਗਿਣਤੀ 25 ਫੀਸਦ ਦੇ ਕਰੀਬ ਦੱਸੀ ਜਾ ਰਹੀ ਹੈ। ਸ਼ਹਿਰੀ ਖੇਤਰਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਜ਼ਿਆਦਾ ਰਹੀ ਅਤੇ ਦਿਹਾਤੀ ਖੇਤਰਾਂ ਵਿੱਚ ਘੱਟ ਸੀ। ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਦੇ ਆਦੇਸ਼ ਅਨੁਸਾਰ ਸਕੂਲ ਸਵੇਰੇ ਦਸ ਵਜੇ ਤੋਂ ਲੈ ਤੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹੇ ਗਏ ਹਨ।