ਪਾਲ ਸਿੰਘ ਨੌਲੀ
ਜਲੰਧਰ, 25 ਸਤੰਬਰ
ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਤੇ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੂੰ ਕਿਸਾਨਾਂ ਦੇ ਰੋਹ ਦਾ ਸੇਕ ਝੱਲਣਾ ਪਿਆ। ਪੀਏਪੀ ਚੌਕ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਕੜ ਜਿਉਂ ਹੀ ਰੋਸ ਪ੍ਰਦਰਸ਼ਨ ਵਿੱਚ ਪੁੱਜੇ ਤਾਂ ਉਨ੍ਹਾਂ ਨੂੰ ਦੇਖ ਕੇ ਨੌਜਵਾਨ ਕਿਸਾਨਾਂ ਦਾ ਪਾਰਾ ਚੜ੍ਹ ਗਿਆ। ਉਨ੍ਹਾਂ ਮੱਕੜ ਦੀ ਹਾਜ਼ਰੀ ’ਚ ‘ਮੋਦੀ ਦੇ ਯਾਰ ਮੁਰਦਾਬਾਦ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।
ਇਸ ਬਾਰੇ ਮੱਕੜ ਨੇ ਕਿਹਾ ਕਿ ਕਿਸ ਨੇ ਵਿਰੋਧ ਕੀਤਾ ਹੈ, ਇਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ। ਉਹ ਤਾਂ ਇੱਥੇ ਕਿਸਾਨਾਂ ਵੱਲੋਂ ਦਿੱਤੇ ਗਏ ਸੱਦੇ ’ਤੇ ਹੀ ਆਏ ਸਨ। ਉਨ੍ਹਾਂ ਨੇ ਇਹ ਦਾਅਵਾ ਕੀਤਾ ਕਿ ਕਿਸੇ ਕਿਸਾਨ ਨੇ ਵਿਰੋਧ ਨਹੀਂ ਕੀਤਾ ਸਗੋਂ ਕਿਸੇ ਸ਼ਰਾਰਤੀ ਅਨਸਰ ਨੇ ਅਜਿਹਾ ਕੀਤਾ ਹੈ। ਹਰਸਿਮਰਤ ਕੌਰ ਬਾਦਲ ਬਾਰੇ ਪੁੱਛੇ ਤਿੱਖੇ ਸਵਾਲਾਂ ਦਾ ਜਵਾਬ ਦੇਣ ਵਿੱਚ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਸ਼ਹਿਰ ਦੇ 6 ਥਾਵਾਂ ’ਤੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤੇ। ਉਧਰ, ਸੱਤਾਧਾਰੀ ਕਾਂਗਰਸ ਨੂੰ ਵੀ ਕਿਸਾਨਾਂ ਦੇ ਗੁੱਸੇ ਦਾ ਸੇਕ ਝੱਲਣਾ ਪਿਆ। ਇੱਥੋਂ ਥੋੜੀ ਦੂਰ ਪ੍ਰਤਾਪਪੁਰਾ ਵਿੱਚ ਕਿਸਾਨਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਕਰਤਾਰਪੁਰ ਹਲਕੇ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੂੰ ਕਿਸਾਨਾਂ ਨੇ ਬੋਲਣ ਨਹੀਂ ਦਿੱਤਾ ਤੇ ਉਨ੍ਹਾਂ ਨੂੰ ਚੁੱਪ-ਚੁਪੀਤੇ ਹੀ ਉਥੋਂ ਪਰਤਣਾ ਪਿਆ।