ਜੋਗਿੰਦਰ ਸਿੰਘ ਮਾਨ
ਮਾਨਸਾ, 3 ਜੂਨ
ਪਿੰਡ ਮੂਸਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਤੋਂ ਪਹਿਲਾਂ ਇਲਾਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਵਿਰੋਧ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਘਰ ਤੋਂ ਬਾਹਰ ਇਕੱਠੇ ਹੋਏ ਨੌਜਵਾਨਾਂ ਨੇ ਉਨ੍ਹਾਂ ਪਿੰਡ ’ਚੋਂ ਵਾਪਸ ਮੋੜ ਦਿੱਤਾ।
ਇਸ ਵਿਰੋਧ ਤੋਂ ਬਾਅਦ ਇੱਕ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਬਾਰੇ ਭੰਬਲਭੂਸਾ ਪੈਦਾ ਹੋ ਗਿਆ ਸੀ, ਪਰ ਮਗਰੋਂ ਪੁਲੀਸ ਨੇ ਮਾਹੌਲ ਨੂੰ ਸ਼ਾਂਤ ਕਰ ਲਿਆ। ਪਿੰਡ ਦੇ ਲੋਕਾਂ ਨੇ ਕਿਹਾ ਕਿ ਭਗਵੰਤ ਮਾਨ ਦੇ ਦੌਰੇ ਕਾਰਨ ਪੁਲੀਸ ਵੱਲੋਂ ਵੱਡੇ ਤੜਕੇ ਤੋਂ ਪਿੰਡ ਨੂੰ ਸੀਲ ਕੀਤਾ ਹੋਇਆ ਸੀ। ਪੁਲੀਸ ਨੇ ਮੀਡੀਆ ਸਣੇ ਆਮ ਲੋਕਾਂ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ। ਇਸ ਤੋਂ ਖਫ਼ਾ ਹੋਏ ਲੋਕਾਂ ਨੇ ਕਿਹਾ ਕਿ ਮੂਸੇਵਾਲਾ ਨੂੰ ਲੋੜ ਵੇਲੇ ਸਰਕਾਰ ਨੇ ਸੁਰੱਖਿਆ ਨਹੀਂ ਦਿੱਤੀ ਤੇ ਅੱਜ ਪਿੰਡ ਨੂੰ ਪੁਲੀਸ ਛਾਉਣੀ ਵਿੱਚ ਬਦਲ ਕੇ ਲੋਕਾਂ ਦਾ ਆਉਣਾ-ਜਾਣਾ ਔਖਾ ਕਰ ਦਿੱਤਾ। ਨੌਜਵਾਨਾਂ ਨੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਬੇਲੋੜੀ ਸਿਆਸਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ 8 ਵਜੇ ਸਿੱਧੂ ਮੂਸੇਵਾਲਾ ਦੇ ਘਰ ਆਉਣਾ ਸੀ, ਪਰ ਇਸ ਵਿਰੋਧ ਕਾਰਨ ਉਹ 10 ਵਜੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਤੇ ਇਨਸਾਫ਼ ਦਾ ਭਰੋਸਾ ਦਿੱਤਾ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਦੇ ਚੁੱਕੇ ਹੋਏ ਕੁਝ ਲੋਕ ਵਿਰੋਧ ਕਰਦੇ ਹਨ।
ਉਹ ਮੂਸੇਵਾਲਾ ਦੇ ਪਰਿਵਾਰ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਵਜੋਂ ਲੋਕਾਂ ਦੀ ਸੇਵਾ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁੱਚਾ ਸਿੰਘ ਛੋਟੇਪੁਰ ਨੇ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨੇਤਾਵਾਂ ਦੀ ਸੁਰੱਖਿਆ ’ਤੇ ਸਵਾਲ ਕਰਨ ਵਾਲਾ ਭਗਵੰਤ ਮਾਨ ਅੱਜ ਵੱਡੀ ਗਿਣਤੀ ਸੁਰੱਖਿਆ ਕਰਮੀ ਨਾਲ ਲੈ ਕੇ ਚਲਦਾ ਹੈ।
ਸਾਬਕਾ ਵਿਧਾਇਕ ਜ਼ੀਰਾ ਦੀ ਪੁਲੀਸ ਨਾਲ ਝੜਪ
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜਦੋਂ ਪਿੰਡ ਮੂਸਾ ਜਾ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ’ਤੇ ਜ਼ੀਰਾ ਭੜਕ ਉੱਠੇ ਤੇ ਉਨ੍ਹਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਖਰੀਆਂ-ਖਰੀਆਂ ਸੁਣਾਈਆਂ ਤੇ ਇਸ ਤਰ੍ਹਾਂ ਰੋਕਣ ਦਾ ਵਿਰੋਧ ਕੀਤਾ।